ਪੀਐਮ ਦੇ ਹੈਲੀਕਾਪਟਰ ਦੀ ਜਾਂਚ ਕਰਨ ਵਾਲੇ IAS ਅਧਿਕਾਰੀ ਨੂੰ CAT ਵੱਲੋਂ ਰਾਹਤ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਕਰਨ ਵਾਲੇ ਆਈਏਐਸ ਅਧਿਕਾਰੀ ਮੁਹੰਮਦ ਮੋਹਸਿਨ ਨੂੰ ਕੈਟ ਵੱਲੋਂ ਵੱਡੀ ਰਾਹਤ ਦਿੱਤੀ ਗਈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਕਰਨ ਵਾਲੇ ਆਈਏਐਸ ਅਧਿਕਾਰੀ ਮੁਹੰਮਦ ਮੋਹਸਿਨ ਨੂੰ ਕੈਟ (Central administrative tribunal) ਵੱਲੋਂ ਵੱਡੀ ਰਾਹਤ ਦਿੱਤੀ ਗਈ। ਕੈਟ ਦੀ ਬੈਂਚ ਨੇ 25 ਅਪ੍ਰੈਲ ਨੂੰ ਚੋਣ ਕਮਿਸ਼ਨ ਦੇ ਆਈਏਐਸ ਅਧਿਕਾਰੀ ਦੇ ਮੁਅੱਤਲ ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ। ਓਡੀਸ਼ਾ ਵਿਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਕਰਨ ‘ਤੇ ਮੋਹਸਿਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਸੁਪਰਵਾਈਜ਼ਰ ਦੇ ਤੌਰ ‘ਤੇ ਓਡੀਸ਼ਾ ਵਿਚ ਤੈਨਾਤ ਕਰਨਾਟਕ ਕੈਡਰ ਦੇ ਅਧਿਕਾਰੀ ਨੂੰ ਐਸਪੀਜੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਨਾਲ ਪੇਸ਼ ਆਉਣ ਦੇ ਨਿਯਮਾਂ ਦੀ ਉਲੰਘਣਾ ਦੇ ਇਲਜ਼ਾਮ ਵਿਚ 17 ਅਪ੍ਰੈਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਓਡੀਸ਼ਾ ਦੇ ਸੰਬਲਪੁਰ ਵਿਚ ਮੋਦੀ ਦੇ ਹੈਲੀਕਾਪਟਰ ਦੀ ਜਾਂਚ ਕਰਨ ‘ਤੇ ਮੁਹੰਮਦ ਮੋਹਸਿਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਕੈਟ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਐਸਪੀਜੀ ਸੁਰੱਖਿਆ ਪ੍ਰਾਪਤ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਬਾਵਜੂਦ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕੁਝ ਵੀ ਕਰ ਸਕਦੇ ਹਨ।
ਬੈਂਚ ਨੇ ਚੋਣ ਕਮਿਸ਼ਨ ਅਤੇ ਚਾਰ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ਵਿਚ ਨੋਟਿਸ ਜਾਰੀ ਕਰ ਮਾਮਲੇ ਵਿਚ ਅਗਲੀ ਸੁਣਵਾਈ ਛੇ ਜੂਨ ਨੂੰ ਤੈਅ ਕੀਤੀ ਹੈ। ਮੋਹਸਿਨ ਨੇ ਚੋਣ ਪ੍ਰਚਾਰ ‘ਤੇ ਆਏ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਕੁਝ ਸਮਾਨ ਦੀ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਕਮਿਸ਼ਨ ਨੇ ਕਿਹਾ ਕਿ ਮੋਹਸਿਨ ਨੇ ਮੌਜੂਦਾ ਨਿਰਦੇਸ਼ਾਂ ਦੀ ਉਲੰਘਣ ਕਰ ਕਾਰਵਾਈ ਕੀਤੀ ਸੀ। ਕੈਟ ਨੇ ਪਟੀਸ਼ਨਰ ਦੇ ਵਕੀਲ ਦੀ ਪਟੀਸ਼ਨ ਨੂੰ ਵੀ ਧਿਆਨ ਵਿਚ ਲਿਆ ਜਿਸ ਵਿਚ ਉਹਨਾਂ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੇ ਕਾਫਲੇ ਤੋਂ ਭਾਰੀ ਸਮਾਨ ਉਤਾਰਿਆ ਗਿਆ ਸੀ ਅਤੇ ਉਹਨਾਂ ਨੂੰ ਦੂਜੀਆਂ ਗੱਡੀਆਂ ਵਿਚ ਲਿਜਾਇਆ ਜਾ ਰਿਹਾ ਸੀ।