ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਬਾਰੇ ਕਾਂਗਰਸ ਨਾਲ ਕੁੱਝ ਮੁੱਦੇ : ਕੁਮਾਰਸਵਾਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਅੱਜ ਕਿਹਾ ਕਿ ਵਿਭਾਗਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਦੇ ਗਠਜੋੜ ਸਹਿਯੋਗੀ ਕਾਂਗਰਸ ਨਾਲ ਕੁੱਝ ਮੁੱਦੇ ...

KumaraSwamy

ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਨੇ ਅੱਜ ਕਿਹਾ ਕਿ ਵਿਭਾਗਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਦੀ ਪਾਰਟੀ ਦੇ ਗਠਜੋੜ ਸਹਿਯੋਗੀ ਕਾਂਗਰਸ ਨਾਲ ਕੁੱਝ ਮੁੱਦੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਇਹ ਮੁੱਦੇ ਏਨੇ ਗੰਭੀਰ ਨਹੀਂ ਕਿ ਸਰਕਾਰ ਡਿੱਗ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਕਾਂਗਰਸ ਦੇ ਆਗੂਆਂ ਨੂੰ ਉਨ੍ਹਾਂ ਦੀ ਹਾਈਕਮਾਂਡ ਤੋਂ ਮਨਜ਼ੂਰ ਮਿਲ ਜਾਣ ਮਗਰੋਂ ਸੂਬਾ ਵਜ਼ਾਰਤ ਦਾ ਵਿਸਤਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਰਨਾਟਕ 'ਚ ਅਜੇ ਤਕ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਦੀ ਵੰਡ ਨਹੀਂ ਹੋਈ ਹੈ।

ਸੂਤਰਾਂ ਮੁਤਾਬਕ ਕੁਮਾਰਸਵਾਮੀ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਪਾਰਟੀ ਦੇ ਆਗੂ ਸਿਧਾਰਮਈਆ, ਉਪ ਮੁੱਖ ਮੰਤਰੀ ਪਰਮੇਸ਼ਵਰ ਅਤੇ ਕਰਨਾਟਕ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਉਨ੍ਹਾਂ ਦੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਮੁਲਾਕਾਤ ਕੀਤੀ। ਕਰਨਾਟਕ ਦੇ ਨਵੇਂ ਮੁੱਖ ਮੰਤਰੀ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਵਧਾਈ ਦਿਤੀ।

ਉਨ੍ਹਾਂ ਅਸਿੱਧੇ ਰੂਪ 'ਚ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ''ਉਨ੍ਹਾਂ ਅਪਣੇ ਭਾਸ਼ਣਾਂ 'ਚ ਕਈ ਵਾਅਦੇ ਕੀਤੇ ਸਨ, ਉਨ੍ਹਾਂ ਵੱਡੀਆਂ ਵੱਡੀਆਂ ਗੱਲਾਂ ਕੀਤੀਆਂ ਸਨ ਪਰ ਕਈ ਸਿਆਸੀ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਚੀਜ਼ਾਂ ਨੂੰ ਲਾਗੂ ਨਹੀਂ ਕਰ ਸਕੇ ਹਨ।'' ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਵੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕਲ ਜਾਂ ਪਰਸੋਂ ਮੋਦੀ ਅਤੇ ਹੋਰ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਸਕਦੇ ਹਨ।               (ਪੀਟੀਆਈ)