ਲਖੀਮਪੁਰ ਖੇੜੀ ਮਾਮਲਾ : ਆਸ਼ੀਸ਼ ਮਿਸ਼ਰਾ ਦੀ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ 

ਏਜੰਸੀ

ਖ਼ਬਰਾਂ, ਰਾਸ਼ਟਰੀ

ਇਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ 

lakhimpur kheri case

ਨਵੀਂ ਦਿੱਲੀ: ਇਲਾਹਾਬਾਦ ਹਾਈ ਕੋਰਟ ਨੇ ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਨਰਿੰਦਰ ਮੋਦੀ ਸਰਕਾਰ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੋਨੀ ਦਾ ਪੁੱਤਰ ਹਨ। ਆਸ਼ੀਸ਼ 'ਤੇ ਕਿਸਾਨਾਂ ਨੂੰ ਆਪਣੀ ਕਾਰ ਨਾਲ ਦਰੜਨ ਦਾ ਦੋਸ਼ ਹੈ। ਇਸ ਸਾਲ ਫਰਵਰੀ 'ਚ ਹਾਈਕੋਰਟ ਨੇ ਆਸ਼ੀਸ਼ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਬਾਅਦ 'ਚ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ।

ਜ਼ਮਾਨਤ ਰੱਦ ਕਰਦੇ ਹੋਏ, ਸਿਖਰਲੀ ਅਦਾਲਤ ਨੇ ਆਸ਼ੀਸ਼ ਨੂੰ ਜ਼ਮਾਨਤ ਲਈ ਇਲਾਹਾਬਾਦ ਹਾਈ ਕੋਰਟ ਵਿੱਚ ਦੁਬਾਰਾ ਅਰਜ਼ੀ ਦੇਣ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਅਪ੍ਰੈਲ 'ਚ ਆਸ਼ੀਸ਼ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਨਾਲ ਹੀ ਉਸ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ।

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਕਿਹਾ ਕਿ ਪੀੜਤਾਂ ਨੂੰ ਹਰ ਪੱਧਰ 'ਤੇ ਸੁਣੇ ਜਾਣ ਦਾ ਅਧਿਕਾਰ ਹੈ। ਇਸ ਮਾਮਲੇ ਵਿੱਚ ਪੀੜਤ ਨੂੰ ਸੁਣਵਾਈ ਦੇ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਇਹ ਫੈਸਲਾ ਕਈ ਤੱਥਾਂ ਅਤੇ ਅਣਦੇਖੀਆਂ ਉਦਾਹਰਣਾਂ ਨੂੰ ਧਿਆਨ ਵਿੱਚ ਰੱਖਦਿਆਂ ਦਿੱਤਾ ਸੀ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਹਾਈ ਕੋਰਟ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। 

ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਆਸ਼ੀਸ਼ ਦੀ ਜ਼ਮਾਨਤ ਅਰਜ਼ੀ 'ਤੇ ਦੁਬਾਰਾ ਸੁਣਵਾਈ ਕੀਤੀ ਅਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ 15 ਜੁਲਾਈ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਫ਼ੈਸਲੇ ਲਈ 26 ਜੁਲਾਈ ਦੀ ਤਰੀਕ ਤੈਅ ਕੀਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ ਲਖੀਮਪੁਰ ਖੇੜੀ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਚਾਰ ਕਿਸਾਨਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਹਿੰਸਾ ਭੜਕ ਗਈ, ਜਿਸ ਵਿੱਚ ਦੋ ਭਾਜਪਾ ਵਰਕਰ ਅਤੇ ਇੱਕ ਡਰਾਈਵਰ ਦੀ ਮੌਤ ਹੋ ਗਈ। ਲਖੀਮਪੁਰ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਜਾਨ ਚਲੀ ਗਈ ਸੀ।