ਜਦੋਂ ਤੱਕ ਸੰਸਦ ਦਾ ਇਜਲਾਸ ਚੱਲੇਗਾ ਉਦੋਂ ਤੱਕ ਸਰਕਾਰ ਕੋਲ ਸੋਚਣ ਤੇ ਸਮਝਣ ਦਾ ਸਮਾਂ ਹੈ- ਰਾਕੇਸ਼ ਟਿਕੈਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਕੇਸ਼ ਟਿਕੈਤ ਨੇ ਦੱਸਿਆ ਕਿ 27 ਨਵੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਅੰਦੋਲਨ ਦੀ ਅਗਲੀ ਰੂਪ ਰੇਖਾ ਬਾਰੇ ਫੈਸਲਾ ਲਿਆ ਜਾਵੇਗਾ।

BKU Leader Rakesh Tikait

ਨਵੀਂ ਦਿੱਲੀ: ਇਕ ਸਾਲ ਤੋਂ ਖੇਤੀ ਕਾਨੂੰਨਾਂ ਖਿਲਾਫ ਜਾਰੀ ਅੰਦੋਲਨ ਤੋਂ ਬਾਅਦ ਆਖਰਕਾਰ ਕਿਸਾਨਾਂ ਦੀ ਜਿੱਤ ਹੋਈ ਪਰ ਕਿਸਾਨ ਆਗੂ ਅਜੇ ਵੀ ਇਸ ਨੂੰ ਅਧੂਰੀ ਜਿੱਤ ਕਹਿ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਮੰਗ ਸਿਰਫ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਹੀ ਨਹੀਂ ਸੀ, ਘੱਟੋ ਘੱਟ ਸਮਰਥਨ ਮੁੱਲ 'ਤੇ ਕਾਨੂੰਨ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ ਵੀ ਅੰਦੋਲਨ ਸ਼ੁਰੂ ਕੀਤਾ ਗਿਆ ਸੀ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ 27 ਨਵੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਅੰਦੋਲਨ ਦੀ ਅਗਲੀ ਰੂਪ ਰੇਖਾ ਬਾਰੇ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਤੱਕ ਸੰਸਦ ਦਾ ਇਜਲਾਸ ਚੱਲੇਗਾ ਉਦੋਂ ਤੱਕ ਸਰਕਾਰ ਕੋਲ ਸੋਚਣ ਅਤੇ ਸਮਝਣ ਦਾ ਸਮਾਂ ਹੈ। ਇਸ ਤੋਂ ਬਾਅਦ ਕਿਸਾਨ ਅਗਲੀ ਰਣਨੀਤੀ ਬਾਰੇ ਫੈਸਲਾ ਲੈਣਗੇ।

26 ਨਵੰਬਰ ਨੂੰ ਇਸ ਇਤਿਹਾਸਕ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਦੇਸ਼ ਭਰ ਵਿਚ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਨੇ ਕਿਹਾ, "ਜਦੋਂ ਤੱਕ ਸੰਸਦ ਦਾ ਇਜਲਾਸ ਚੱਲੇਗਾ, ਉਦੋਂ ਤੱਕ ਸਰਕਾਰ ਕੋਲ ਸੋਚਣ ਅਤੇ ਸਮਝਣ ਦਾ ਸਮਾਂ ਹੈ। ਅੱਗੇ ਅੰਦੋਲਨ ਕਿਵੇਂ ਚਲਾਉਣਾ ਹੈ, ਉਸ ਦਾ ਫੈਸਲਾ ਅਸੀਂ ਸੰਸਦ ਚੱਲਣ 'ਤੇ ਲਵਾਂਗੇ। ਅੰਦੋਲਨ ਦੀ ਰੂਪ ਰੇਖਾ ਕੀ ਹੋਵੇਗੀ,  ਇਸ ਦਾ ਫੈਸਲਾ 27 ਨਵੰਬਰ ਨੂੰ ਹੋਣ ਵਾਲੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਹੋਵੇਗਾ"।

ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਹੋਈ। ਇਸ ਦੀ ਸ਼ੁਰੂਆਤ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਰਾਕੇਸ਼ ਟਿਕੈਤ, ਯੋਗਿੰਦਰ ਯਾਦਵ ਅਤੇ ਹੋਰ ਕਿਸਾਨ ਆਗੂ ਮੌਜੂਦ ਸਨ।