ਮਾਣਹਾਨੀ ਮਾਮਲੇ ’ਚ ਆਤਿਸ਼ੀ ਤੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ
ਪਟੀਸ਼ਨ ’ਚ ਦੋਹਾਂ ਨੇ ਵੋਟਰਾਂ ਦੇ ਨਾਂ ਮਿਟਾ ਦਿਤੇ ਜਾਣ ਬਾਰੇ ਕੀਤੀਆਂ ਟਿਪਣੀਆਂ ਵਿਰੁਧ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਦਿਤੀ ਸੀ ਚੁਣੌਤੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਪਟੀਸ਼ਨ ਉਤੇ ਸੁਣਵਾਈ 21 ਅਪ੍ਰੈਲ ਤਕ ਮੁਲਤਵੀ ਕਰ ਦਿਤੀ ਹੈ। ਪਟੀਸ਼ਨ ’ਚ ਦੋਹਾਂ ਨੇ ਵੋਟਰਾਂ ਦੇ ਨਾਂ ਮਿਟਾ ਦਿਤੇ ਜਾਣ ਬਾਰੇ ਕੀਤੀਆਂ ਟਿਪਣੀਆਂ ਵਿਰੁਧ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਚੁਣੌਤੀ ਦਿਤੀ ਸੀ।
ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ.ਕੇ. ਸਿੰਘ ਦੀ ਬੈਂਚ ਨੇ ਇਸ ਮਾਮਲੇ ਨੂੰ ਮੁਲਤਵੀ ਕਰ ਦਿਤਾ ਅਤੇ ਕਿਹਾ ਕਿ ਇਸ ਦੀ ਵਿਸਥਾਰਤ ਸੁਣਵਾਈ ਦੀ ਲੋੜ ਹੈ। ‘ਆਪ’ ਆਗੂਆਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਕਿਹਾ ਕਿ ਬੈਂਚ ਨੇ ਕਿਹਾ ਸੀ ਕਿ ਇਸ ਮਾਮਲੇ ਦੀ ਸੁਣਵਾਈ ਗੈਰ-ਫੁਟਕਲ ਦਿਨ (ਮੰਗਲਵਾਰ, ਬੁਧਵਾਰ ਅਤੇ ਵੀਰਵਾਰ) ਨੂੰ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਹੈ।
ਕੇਂਦਰ ਵਲੋਂ ਪੇਸ਼ ਹੋਏ ਵਧੀਕ ਸਾਲਿਸਿਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ ਕਿ ਮਾਨਹਾਨੀ ਇਕ ਸਿਆਸੀ ਪਾਰਟੀ ਨਾਲ ਸਬੰਧਤ ਹੈ, ਜਿਸ ਨੇ ਸ਼ਿਕਾਇਤਕਰਤਾ ਨੂੰ ਅਪਣੀ ਤਰਫੋਂ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਦਿਤਾ ਹੈ। 30 ਸਤੰਬਰ, 2024 ਨੂੰ, ਸੁਪਰੀਮ ਕੋਰਟ ਨੇ ਸ਼ਿਕਾਇਤਕਰਤਾ ਰਾਜੀਵ ਬੱਬਰ ਨੂੰ ਨੋਟਿਸ ਜਾਰੀ ਕਰਦਿਆਂ ਟਰਾਇਲ ਅਦਾਲਤ ਵਿਚ ਕਾਰਵਾਈ ਉਤੇ ਰੋਕ ਲਗਾ ਦਿਤੀ ਸੀ।