Himachal Weather Update: ਹਿਮਾਚਲ 'ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਨਾਲ ਹੋਵੇਗੀ ਬਰਫ਼ਬਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

4 ਜ਼ਿਲਿਆਂ ਲਈ ਆਰੇਂਜ ਅਲਰਟ, ਪਾਰਾ ਪਹੁੰਚਿਆ -3 ਡਿਗਰੀ

Himachal weather update News

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ। ਸੂਬੇ ਦੇ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਹੋ ਰਹੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਇਸੇ ਸਿਲਸਿਲੇ 'ਚ ਬੁੱਧਵਾਰ ਨੂੰ ਵੀ ਸ਼ਿਮਲਾ ਸਮੇਤ ਹੋਰ ਜ਼ਿਲਿਆਂ 'ਚ ਬਾਰਿਸ਼ ਹੋਈ ਅਤੇ ਸੂਬੇ ਦੇ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਹੋਈ।

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਅਗਲੇ ਦੋ ਦਿਨਾਂ ਤੱਕ ਹਿਮਾਚਲ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਉੱਚਾਈ ਵਾਲੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ।

ਸ਼ਿਮਲਾ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਕਾਂਗੜਾ, ਚੰਬਾ, ਕੱਲੂ ਅਤੇ ਮੰਡੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਹੈ।

ਇਸ ਦੌਰਾਨ ਉੱਚਾਈ ਵਾਲੇ ਇਲਾਕਿਆਂ 'ਚ ਭਾਰੀ ਬਰਫ਼ਬਾਰੀ ਅਤੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਹਮੀਰਪੁਰ, ਬਿਲਾਸਪੁਰ, ਊਨਾ, ਸੋਲਨ, ਸ਼ਿਮਲਾ, ਸਿਰਮੌਰ, ਕਿਨੌਰ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਇਨ੍ਹਾਂ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਉੱਚਾਈ ਵਾਲੇ ਖੇਤਰਾਂ ਵਿੱਚ ਹਲਕੀ ਬਰਫ਼ਬਾਰੀ ਵੀ ਹੋ ਸਕਦੀ ਹੈ।

ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਤੋਂ ਮੈਦਾਨੀ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਰਹੀ ਹੈ। ਇਸ ਨਾਲ ਜਿੱਥੇ ਕਿਸਾਨਾਂ ਅਤੇ ਬਾਗਬਾਨਾਂ ਨੂੰ ਚੰਗੀ ਫ਼ਸਲ ਦੀ ਆਸ ਬੱਝੀ ਹੈ, ਉੱਥੇ ਹੀ ਲੋਕਾਂ ਨੂੰ ਵੱਧ ਰਹੀ ਗਰਮੀ ਤੋਂ ਵੀ ਰਾਹਤ ਮਿਲੀ ਹੈ।
 ਪਿਛਲੇ 24 ਘੰਟਿਆਂ ਵਿੱਚ ਲਾਹੌਲ ਸਪਿਤੀ ਦੇ ਕੁਕੁਮਸੇਰੀ ਵਿੱਚ ਸਭ ਤੋਂ ਵੱਧ 41 ਸੈਂਟੀਮੀਟਰ ਬਰਫ਼ਬਾਰੀ ਦਰਜ ਕੀਤੀ ਗਈ।