ਐਨਆਈਏ ਦੀ ਵਿਸ਼ੇਸ਼ ਅਦਾਲਤ ਵਲੋਂ ਪਾਕਿਸਤਾਨ ’ਚ ਲੁਕੇ 23 ਅਤਿਵਾਦੀਆਂ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਨੂੰਨ ਮੁਤਾਬਕ ਕੁਰਕੀ ਲਈ ਅਤਿਵਾਦੀਆਂ ਦੀ ਜਾਇਦਾਦਾਂ ਦੀ ਪਹਿਚਾਣ ਕਰਨ ਲਈ ਵੱਖ ਵੱਖ ਟੀਮਾਂ ਵੀ ਬਣਾਈਆਂ ਗਈਆਂ ਹਨ।

photo

 

ਜੰਮੂ : ਜੰਮੂ ’ਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਇਕ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਵਿਚ ਲੁਕੇ ਹੋਏ 23 ਅਤਿਵਾਦੀਆਂ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਜੰਮੂ ਕਸ਼ਮੀਰ ਵਿਚ ਅਪਣੇ ਰਿਹਾਇਸ਼ੀ ਜ਼ਿਲ੍ਹੇ ਕਿਸ਼ਤਵਾੜ ’ਤੇ ਸਰਹੱਦ ਪਾਰ ਕਰ ਕੇ ਪਾਕਿਸਤਾਨ ਤੋਂ ਅਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ 23 ਅਤਿਵਾਦੀਆਂ ਵਿਰੁਧ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਦੂਜਾ ਮੌਕਾ ਹੈ ਕਿ ਜਦੋਂ ਜੰਮੂ ਸਥਿਤ ਵਿਸ਼ੇਸ਼ ਐਨਆਈਏ ਅਦਾਲਤ ਨੇ ਪਾਕਿਸਤਾਨ ਜਾਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਲੁਕੇ ਅਤਿਵਾਦੀਆਂ ਵਿਰੁਧ ਪੁਲਿਸ ਦੀ ਅਪੀਲ ’ਤੇ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ, 13 ਅਤਿਵਾਦੀਆਂ ਵਿਰੁਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। 

ਕਿਸ਼ਤਵਾੜ ਦੇ ਸੀਨੀਅਰ ਪੁਲਿਸ ਅਧਿਕਾਰੀ ਖ਼ਲੀਲ ਪੋਸਵਾਲ ਨੇ ਦਸਿਆ, ‘‘ਅਤਿਵਾਦੀ ਗਤੀਵਿਧੀਆਂ ’ਚ ਸ਼ਾਮਲ ਕਿਸ਼ਤਵਾੜ ਦੇ 36 ਲੋਕ ਪਾਕਿਸਤਾਨ ਚਲੇ ਗਏ ਸਨ। ਇਸ ਤੋਂ ਬਾਅਦ, ਉਨ੍ਹਾਂ ਵਿਰੁਧ ਦੋ ਐਫ਼ਆਈਆਰ ਦਰਜ ਹੋਈਆਂ।’’ ਉਨ੍ਹਾਂ ਕਿਹਾ ਕਿ ਐਨਆਈਏ ਦੀ ਇਕ ਵਿਸ਼ੇਸ਼ ਅਦਾਲਤ ਨੇ ਇਕ ਮਾਰਚ ਨੂੰ ਉਨ੍ਹਾਂ ਵਿਚੋਂ 13 ਵਿਰੁਧ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ, ਜਦਕਿ ਬਾਕੀ 23 ਅਤਿਵਾਦੀਆਂ ਵਿਰੁਧ ਮੰਗਲਵਾਰ ਨੂੰ ਨਵੇਂ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ। ਉਨ੍ਹਾਂ ਉਮੀਦ ਪ੍ਰਗਟਾਈ ਕੀਤ ਪਾਕਿਸਤਾਨ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਵਿਚ ਅਤੇ ਉਨ੍ਹਾਂ ਨੂੰ ਭਾਰਤ ਭੇਜਣ ਵਿਚ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਕੁਰਕੀ ਲਈ ਅਤਿਵਾਦੀਆਂ ਦੀ ਜਾਇਦਾਦਾਂ ਦੀ ਪਹਿਚਾਣ ਕਰਨ ਲਈ ਵੱਖ ਵੱਖ ਟੀਮਾਂ ਵੀ ਬਣਾਈਆਂ ਗਈਆਂ ਹਨ।