Salman Khan house firing: ਮੁੰਬਈ ਪੁਲਿਸ ਨੇ ਸਾਰੇ ਮੁਲਜ਼ਮਾਂ 'ਤੇ ਲਗਾਇਆ MCOCA, ਲਾਰੈਂਸ ਬਿਸ਼ਨੋਈ ਦੀਆਂ ਵਧੀਆਂ ਮੁਸ਼ਕਲਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਮਾਮਲੇ ਵਿਚ ਬਿਸ਼ਨੋਈ ਗੈਂਗ ਦੇ ਦੋ ਸ਼ੂਟਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਪੁਲਿਸ ਦੀ ਗ੍ਰਿਫ਼ਤ ਵਿਚ ਹਨ।

Salman Khan house firing: Mumbai Police imposed MCOCA on accused

Salman Khan house firing: ਮੁੰਬਈ ਪੁਲਿਸ ਨੇ 14 ਅਪ੍ਰੈਲ ਨੂੰ ਮੁੰਬਈ ਦੇ ਬਾਂਦਰਾ ਇਲਾਕੇ 'ਚ ਗਲੈਕਸੀ ਅਪਾਰਟਮੈਂਟ 'ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਸਾਰੇ ਮੁਲਜ਼ਮਾ 'ਤੇ ਮਕੋਕਾ ਐਕਟ ਲਗਾ ਦਿਤਾ ਹੈ। ਇਸ ਮਾਮਲੇ ਵਿਚ ਬਿਸ਼ਨੋਈ ਗੈਂਗ ਦੇ ਦੋ ਸ਼ੂਟਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਪੁਲਿਸ ਦੀ ਗ੍ਰਿਫ਼ਤ ਵਿਚ ਹਨ। ਉਨ੍ਹਾਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਮੋਸਟ ਵਾਂਟੇਡ ਘੋਸ਼ਿਤ ਕੀਤਾ ਹੈ।

ਸੂਤਰਾਂ ਮੁਤਾਬਕ ਮੁੰਬਈ ਪੁਲਿਸ ਗੁਜਰਾਤ ਦੀ ਸਾਬਰਮਤੀ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਪਣੀ ਹਿਰਾਸਤ 'ਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਰੈਂਸ ਦੇ ਛੋਟੇ ਭਰਾ ਅਨਮੋਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਅਨਮੋਲ ਇਸ ਸਮੇਂ ਅਮਰੀਕਾ ਵਿਚ ਬੈਠਾ ਹੈ। ਉਥੋਂ ਉਹ ਭਾਰਤ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ। ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਤੋਂ ਬਾਅਦ ਉਨ੍ਹਾਂ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

ਕੀ ਹੈ ਮਕੋਕਾ?
ਮਹਾਰਾਸ਼ਟਰ ਸਰਕਾਰ ਨੇ ਸਾਲ 1999 ਵਿਚ ਮਕੋਕਾ ਐਕਟ ਬਣਾਇਆ ਸੀ। ਇਸ ਨੂੰ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ ਕਿਹਾ ਜਾਂਦਾ ਹੈ। ਇਸ ਦਾ ਉਦੇਸ਼ ਸੰਗਠਿਤ ਅਤੇ ਅੰਡਰਵਰਲਡ ਅਪਰਾਧ ਨੂੰ ਖਤਮ ਕਰਨਾ ਹੈ। ਇਹ ਕਾਨੂੰਨ ਮਹਾਰਾਸ਼ਟਰ ਅਤੇ ਦਿੱਲੀ ਵਿਚ ਲਾਗੂ ਹੈ। ਮਕੋਕਾ ਦੀ ਸੱਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਜੇਕਰ ਇਸ ਦੇ ਤਹਿਤ ਕਿਸੇ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਉਸ ਨੂੰ ਜਾਂਚ ਪੂਰੀ ਹੋਣ ਤਕ ਜ਼ਮਾਨਤ ਨਹੀਂ ਮਿਲ ਸਕਦੀ। ਮਕੋਕਾ ਦੀ ਤਰਜ਼ 'ਤੇ ਉੱਤਰ ਪ੍ਰਦੇਸ਼ ਵਿਚ ਯੂਪੀਕੋਕਾ ਬਣਾਇਆ ਗਿਆ ਹੈ।