ਹਰਵਿੰਦਰ ਸਰਨਾ ਨੂੰ ਸਟੇਜ ਦੇਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਹੈੱਡ ਗ੍ਰੰਥੀ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

DSGPC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ

Head Granthi of Gurdwara Rakabganj Sahib suspended for giving stage to Harvinder Sarna

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਸ਼ੋਮਣੀ ਅਕਾਲੀ ਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਹੈਡ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਵੀ ਲਿਖੀ ਹੈ।

ਚਿੱਠੀ ਵਿੱਚ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਬੋਲਣ ਵਾਲੇ ਹਰਵਿੰਦਰ ਸਿੰਘ ਸਰਨਾ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਾਹੀਆ ਕਰਾਰ ਦਿੱਤਾ ਸੀ ਤੇ ਸਮੁੱਚੀ ਸਿੱਖ ਕੌਮ ਨੂੰ ਹਦਾਇਤ ਕੀਤੀ ਹੈ ਕਿ ਉਸ ਨਾਲ ਕਿਸੇ ਵੀ ਤਰੀਕੇ ਦੀ ਸਮਾਜਿਕ ਤੇ ਧਾਰਮਿਕ ਸਾਂਝ ਨਾ ਰੱਖੀ ਜਾਵੇ।

ਚਿੱਠੀ ਵਿੱਚ ਲਿਖਿਆ ਹੈ ਕਿ  ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਇਕ ਸਮਾਜਿਕ ਸਮਾਗਮ ਸੀ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਨੇ ਤਨਖਾਹੀਆ ਕਰਾਰ ਦਿੱਤੇ ਸਰਨਾ ਨੂੰ ਸਟੇਜ ਦੇ ਦਿੱਤੀ ਅਤੇ ਉਸਨੇ ਸੰਗਤ ਨੂੰ ਸੰਬੋਧਨ ਕੀਤਾ। ਉਹਨਾਂ ਨੇ ਲਿਖਿਆ ਹੈ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸਪਸ਼ਟ ਤੌਰ ’ਤੇ ਉਲੰਘਣਾ ਹੈ।

ਚਿੱਠੀ ਵਿੱਚ ਲਿਖਿਆ ਹੈ ਕਿ ਹੋਈ ਗਲਤੀ ਦਾ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਗਿਆਨੀ ਦਿਲਬਾਗ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਤੇ ਉਹਨਾਂ ਖਿਲਾਫ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।