MHA ਦੀ ਪਾਕਿ ਜਾਣ ਵਾਲੇ ਸਿੱਖ ਜਥੇ ਨੂੰ ਹਦਾਇਤ- ਪਾਕਿ ਅਧਿਕਾਰੀਆਂ ਨਾਲ ਨੇੜਤਾ ਹੋਈ ਤਾਂ ਕੀਤਾ ਜਾਵੇਗਾ ਬਲੈਕ ਲਿਸਟ
ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।
ਨਵੀਂ ਦਿੱਲੀ: ਸਿੱਖ ਸ਼ਰਧਾਲੂਆਂ ਦਾ ਜੱਥਾ ਜੂਨ ਮਹੀਨੇ ਵਿਚ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ। ਇਸ ਜੱਥੇ ਦੇ ਰਵਾਨਾ ਹੋਣ ਤੋਂ ਪਹਿਲਾਂ ਹੀ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਜਿਸ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਸਥਾਨਕ ਅਧਿਕਾਰੀਆਂ ਤੋਂ ਦੂਰੀ ਬਣਾ ਕੇ ਰੱਖਣ।
MHA
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਮੁਤਾਬਕ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨੀ ਨਾਗਰਿਕਾਂ ਵੱਲੋਂ ਦਿੱਤੇ ਨਿੱਜੀ ਸੱਦੇ ਨੂੰ ਠੁਕਰਾ ਦੇਣ ਲਈ ਕਿਹਾ ਗਿਆ ਹੈ। ਕੋਈ ਵੀ ਸ਼ਰਧਾਲੂ ਪਾਕਿਸਤਾਨ ਵਿਚ ਕਿਸੇ ਦਾ ਮਹਿਮਾਨ ਨਾ ਬਣੇ ਅਤੇ ਮਹਿਮਾਨਨਿਵਾਜ਼ੀ ਸਵੀਕਾਰ ਨਾ ਕਰੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਐਡਵਾਈਜ਼ਰੀ ਵਜੋਂ ਭੇਜਿਆ ਗਿਆ ਹੈ। ਇਸ ਹਦਾਇਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਹੈ।
Sikh Jatha
ਇਸ ਨਿਰਦੇਸ਼ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਸ਼ਰਧਾਲੂਆਂ ਨੂੰ ਆਪਣੀ ਯਾਤਰਾ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਅਤੇ ਏਜੰਟਾਂ ਨਾਲ ਗੱਲਬਾਤ ਕਰਨ ਤੋਂ ਵੀ ਰੋਕ ਦਿੱਤਾ ਹੈ। ਕਿਹਾ ਜਾਂਦਾ ਹੈ ਕਿ ਪਾਕਿਸਤਾਨੀ ਏਜੰਟ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਅਤੇ ਉਹਨਾਂ ਨੂੰ ਆਪਣੇ ਜਾਲ ਵਿਚ ਫਸਾ ਕੇ ਭਾਰਤ ਵਿਰੁੱਧ ਵੀ ਵਰਤਦੇ ਹਨ।