ਸ਼ਹੀਦ ਭਗਤ ਸਿੰਘ ਦੇ ਜਨਮਦਿਨ ਤੇ ਯਾਦ ਕਰੋ ਉਨ੍ਹਾਂ ਦੀ ਕੁਰਬਾਨੀ, ਆਜ਼ਾਦੀ ਦੇ ਲਈ ਜਨੂੰਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907..

Bhagat Singh Birth Anniversary

ਨਵੀਂ ਦਿੱਲੀ : ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿਤਾ ਸ੍ਰ. ਕਿਸ਼ਨ ਸਿੰਘ ਤੇ ਮਾਤਾ ਵਿਦਿਆਵਤੀ ਦੀ ਕੁੱਖੋਂ ਹੋਇਆ। ਉਹ ਭਾਰਤ ਦੇ ਇਕ ਪ੍ਰਮੁੱਖ ਆਜ਼ਾਦੀ ਸੰਗਰਾਮੀਏ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਮੈਂਬਰ ਬਣੇ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜੇ। 1927 'ਚ ਕਾਕੋਰੀ ਰੇਲਗੱਡੀ ਡਾਕੇ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਦੋਸ਼ ਵੀ ਮੜ੍ਹਿਆ ਗਿਆ। 

ਚੰਗੇ ਵਿਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ। ਸਤੰਬਰ 1928 'ਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਰਾਜਗੁਰੂ ਨਾਲ ਮਿਲ ਕੇ ਲਾਹੌਰ 'ਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰਿਆ।

ਇਸ ਕਾਰਵਾਈ 'ਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਨਾਲ ਮਿਲ ਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੰਬਲੀ ਦੇ ਸਭਾ ਹਾਲ 'ਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਤੋਂ ਬਾਅਦ ਉਥੇ ਹੀ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ। 23 ਮਾਰਚ 1931 ਨੂੰ ਭਗਤ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਫ਼ਾਂਸੀ 'ਤੇ ਲਟਕਾ ਦਿੱਤਾ ਗਿਆ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇਕ ਸਨ।

ਸ਼ਹੀਦ ਭਗਤ ਸਿੰਘ ਨੂੰ ਇਕੱਲੇ ਭਾਰਤ 'ਚ ਹੀ ਨਹੀਂ, ਪਾਕਿਸਤਾਨ 'ਚ ਵੀ ਉਨ੍ਹਾਂ ਨੂੰ 112ਵੇਂ ਜਨਮਦਿਨ 'ਤੇ ਯਾਦ ਕੀਤਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦੇ ਲੋਕ ਸ਼ਹੀਦ ਭਗਤ ਸਿੰਘ ਦਾ ਨਾਂ ਬੜੇ ਮਾਣ ਨਾਲ ਲੈਂਦੇ ਹਨ। ਹਾਲ ਹੀ 'ਚ ਜਦੋਂ ਲਾਹੌਰ ਦੀ ਹਾਈ ਕੋਰਟ ਵੱਲੋਂ 'ਸ਼ਾਦਮਾਨ ਚੌਕ' ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਹੁਕਮ ਦਿੱਤਾ ਗਿਆ ਤਾਂ ਸਿੱਧ ਹੋ ਗਿਆ ਕਿ ਭਾਵੇਂ 1947 ਵਿਚ ਭਾਰਤ ਤੇ ਪਾਕਿਸਤਾਨ ਦੇ ਦੋ ਹਿੱਸੇ ਕਰ ਦਿੱਤੇ ਗਏ ਸਨ ਪਰ ਸ਼ਹੀਦ ਤੇ ਉਨ੍ਹਾਂ ਦੀ ਸੋਚ ਨੂੰ ਵੰਡਿਆ ਨਹੀਂ ਜਾ ਸਕਦਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ