ਭਾਰੀ ਵਿਰੋਧ ਦੇ ਬਾਵਜੂਦ ਰਾਸ਼ਟਰਪਤੀ ਨੇ ਕੀਤੇ ਖੇਤੀ ਬਿਲਾਂ 'ਤੇ ਦਸਤਖ਼ਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ

Ramnath Kovind

ਨਵੀਂ ਦਿੱਲੀ - ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਹਨਾਂ ਬਿੱਲਾਂ 'ਤੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹਨਾਂ ਬਿੱਲਾਂ ਨੇ ਕਾਨੂੰਨ ਦਾ ਰੂਪ ਧਾਰਨ ਕਰ ਲਿਆ ਹੈ। ਕੇਂਦਰ ਸਰਕਾਰ ਜਲਦ ਹੀ ਇਸ ਦੀ ਜਾਣਕਾਰੀ ਸਾਝੀ ਕਰ ਸਕਦੀ ਹੈ। 

ਦੱਸ ਦਈਏ ਕਿ ਰਾਜ ਸਭਾ ਵਿਚ ਖੇਤੀਬਾੜੀ ਨਾਲ ਜੁੜੇ ਦੋ ਵਿਵਾਦਤ ਬਿੱਲਾਂ ਦੇ ਪਾਸ ਹੋਣ ਤੋਂ ਬਾਅਦ ਕਈ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇਨ੍ਹਾਂ ਦੋਵਾਂ ਪ੍ਰਸਤਾਵਿਤ ਬਿੱਲਾਂ ‘ਤੇ ਦਸਤਖ਼ਤ ਨਾ ਕਰਨ ਦੀ ਅਪੀਲ ਕੀਤੀ ਸੀ। ਰਾਜ ਸਭਾ ਵਿਚ 20 ਸਤੰਬਰ ਨੂੰ ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਪਾਸ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।

18 ਵਿਰੋਧੀ ਪਾਰਟੀਆਂ ਨੇ ਇਸ ਮਾਮਲੇ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਬਿੱਲਾਂ ਨੂੰ ਪਾਸ ਕਰਨ ਦੇ ਸਰਕਾਰ ਦੇ ਢੰਗ ਨੂੰ ‘ਲੋਕਤੰਤਰ ਦਾ ਕਤਲ’ ਦੱਸਿਆ ਗਿਆ ਸੀ। 

ਦੱਸ ਦਈਏ ਕਿ ਪੰਜਾਬ-ਹਰਿਆਣਾ ਦੇ ਕਿਸਾਨਾਂ ਤੋਂ ਇਲਾਵਾ ਹੋਰ ਵੀ ਕਈ ਸੂਬਿਆਂ ਦੇ ਕਿਸਾਨ ਇਸ ਬਿੱਲ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਸੜਕਾਂ ਰੇਲ ਗੱਡੀਆਂ ਆਦਿ ਸਭ ਕੁੱਝ ਜਾਮ ਕਰ ਦਿੱਤਾ ਸੀ।