Central government ਨੇ ਤਿੰਨ ਰਾਜਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜਾਰੀ ਕੀਤੇ 540 ਕਰੋੜ ਰੁਪਏ
ਪੰਜਾਬ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ 27 ਲੱਖ ਕਿਸਾਨਾਂ ਨੂੰ ਮਿਲੇਗਾ ਲਾਭ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਤਿੰਨ ਹੜ੍ਹ ਪ੍ਰਭਾਵਿਤ ਰਾਜਾਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ 27 ਲੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ 540 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਇੱਕ ਕੇਂਦਰੀ ਯੋਜਨਾ ਹੈ ਜੋ ਪ੍ਰਧਾਨ ਮੰਤਰੀ ਵੱਲੋਂ ਫਰਵਰੀ 2019 ਵਿੱਚ ਜ਼ਮੀਨ ਮਾਲਕ ਕਿਸਾਨਾਂ ਦੀਆਂ ਵਿੱਤੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦੇ ਤਹਿਤ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ ਕਿਸਾਨਾਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਹਰ ਸਾਲ ਤਿੰਨ ਬਰਾਬਰ ਕਿਸ਼ਤਾਂ ਵਿੱਚ 6,000 ਰੁਪਏ ਦਿੱਤੇ ਜਾਂਦੇ ਹਨ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 21ਵੀਂ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਇਹ ਕਿਸ਼ਤ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਲਈ ਤਰਜੀਹੀ ਆਧਾਰ ’ਤੇ ਜਾਰੀ ਕੀਤੀ ਗਈ ਸੀ, ਜੋ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਤਿੰਨਾਂ ਰਾਜਾਂ ਵਿੱਚ ਲਗਭਗ 2.7 ਲੱਖ ਮਹਿਲਾ ਕਿਸਾਨ ਸਮੇਤ 27 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 540 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਟਰਾਂਸਫਰ ਕੀਤੀ ਗਈ ਹੈ। ਇਸ ਸਹਾਇਤਾ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਹਾਲੀਆ ਆਫ਼ਤਾਂ ਤੋਂ ਉਭਰਨ ਵਿੱਚ ਮਦਦ ਮਿਲ ਸਕੇ।
ਕੇਂਦਰ ਨੇ ਹਿਮਾਚਲ ਪ੍ਰਦੇਸ਼ ਦੇ 801,045 ਕਿਸਾਨਾਂ ਨੂੰ 160.21 ਕਰੋੜ ਰੁਪਏ ਟਰਾਂਸਫਰ ਕੀਤੇ। ਪੰਜਾਬ ਦੇ 1109,895 ਕਿਸਾਨਾਂ ਨੂੰ 221.98 ਕਰੋੜ ਰੁਪਏ ਮਿਲੇ, ਜਦੋਂ ਕਿ ਉਤਰਾਖੰਡ ਦੇ 789,128 ਕਿਸਾਨਾਂ ਨੂੰ 157.83 ਕਰੋੜ ਰੁਪਏ ਮਿਲੇ। 24 ਫਰਵਰੀ, 2019 ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਇਨ੍ਹਾਂ ਤਿੰਨਾਂ ਰਾਜਾਂ ਨੂੰ ਕੁੱਲ 13,626 ਕਰੋੜ ਰੁਪਏ ਦਿੱਤੇ ਗਏ ਹਨ।