ਅਮਰੀਕੀ ਵਿਦੇਸ਼ ਮੰਤਰੀ ਨੇ ਕੀਤਾ ਗਲਵਾਨ ਘਾਟੀ ਦਾ ਜ਼ਿਕਰ, ਕਿਹਾ ਭਾਰਤ ਦੇ ਨਾਲ ਖੜ੍ਹਾ ਹੈ ਅਮਰੀਕਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਾਈਕ ਪੋਂਪਿਓ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ 

US stands with India, says Mike Pompeo

ਨਵੀਂ ਦਿੱਲੀ: ਭਾਰਤ ਅਤੇ ਅਮਰੀਕਾ ਵਿਚਕਾਰ ਹੋ ਰਹੀ 2+2 ਵਾਰਤਾ ਲਈ ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਭਾਰਤ ਵੱਲੋਂ ਅਪਣੀ ਅਖੰਡਤਾ ਲਈ ਚੁੱਕੇ ਜਾ ਰਹੇ ਕਦਮਾਂ ਵਿਚ ਉਸ ਦੇ ਨਾਲ ਖੜ੍ਹਾ ਹੈ। ਮਾਈਕ ਪੋਂਪਿਓ ਨੇ ਜੂਨ ਵਿਚ ਲਦਾਖ ਦੀ ਗਲਵਾਨ ਘਾਟੀ ਵਿਚ ਹੋਈ ਝੜਪ ਦੌਰਾਨ ਸ਼ਹੀਦ ਹੋਏ 20 ਭਾਰਤੀ ਜਵਾਨਾਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ।

ਨਿਊਜ਼ ਏਜੰਸੀ ਮੁਤਾਬਕ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ, 'ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਅਪਣੀ ਜਾਨ ਦੇਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਨੈਸ਼ਨਲ ਵਾਰ ਮੈਮੋਰੀਅਲ ਗਏ। ਇਹਨਾਂ ਵਿਚ ਪੀਐਲਏ (ਚੀਨੀ ਫੌਜ) ਨਾਲ ਹੋਈ ਝੜਪ ਵਿਚ ਜਾਨ ਗਵਾਉਣ ਵਾਲੇ 20 ਜਵਾਨ ਵੀ ਸ਼ਾਮਲ ਸਨ। ਭਾਰਤ ਦੀ ਅਖੰਡਤਾ ਅਤੇ ਅਜ਼ਾਦੀ ਦੀ ਲੜਾਈ ਵਿਚ ਅਮਰੀਕਾ ਉਸ ਦੇ ਨਾਲ ਖੜ੍ਹਾ ਹੈ'।

 

 

ਦੱਸ ਦਈਏ ਕਿ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਅਮਰੀਕੀ ਰੱਖਿਆ ਮੰਤਰੀ ਮਾਰਕ ਟੀ ਐਸਪਰ ਸੋਮਵਾਰ ਨੂੰ 2+2 ਵਾਰਤਾ ਲਈ ਭਾਰਤ ਪਹੁੰਚੇ। ਇਸ ਦੌਰਾਨ ਦੋਵੇਂ ਦੇਸ਼ਾਂ ਨੇ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿਚ ਆਪਸੀ ਸਬੰਧ ਵਧਾਉਣ ਲਈ ਕਈ ਵੱਡੇ ਸਮਝੌਤੇ ਕੀਤੇ।