ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਦਾ ਸੌਦਾ ਸਾਧ ਅਤੇ ਹਰਿਆਣਾ ਸਰਕਾਰ 'ਤੇ ਤਿੱਖਾ ਹਮਲਾ
ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਸੌਦਾ ਸਾਧ ਬਲਾਤਕਾਰੀ ਅਤੇ ਕਾਤਲ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ।
ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਨੇ ਬਲਾਤਕਾਰ ਦੇ ਮਾਮਲੇ 'ਚ ਦੋਸ਼ੀ ਸੌਦਾ ਸਾਧ ਦੀ ਪੈਰੋਲ ਨੂੰ ਲੈ ਕੇ ਸਖਤ ਸਟੈਂਡ ਲਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਸੌਦਾ ਸਾਧ ਬਲਾਤਕਾਰੀ ਅਤੇ ਕਾਤਲ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ।
ਇਸ ਵਾਰ ਸੌਦਾ ਸਾਧ ਪੈਰੋਲ 'ਤੇ ਰਹਿੰਦਿਆਂ ਥਾਂ-ਥਾਂ ‘ਸਤਿਸੰਗ’ ਕਰ ਰਿਹਾ ਹੈ ਅਤੇ ਇਸ ‘ਸਤਿਸੰਗ’ 'ਚ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਮੇਅਰ ਹਿੱਸਾ ਲੈ ਰਹੇ ਹਨ। ਮਾਲੀਵਾਲ ਨੇ ਕਿਹਾ ਕਿ ਸੌਦਾ ਸਾਧ ਆਪਣਾ ਅਕਸ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਹਰਿਆਣਾ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਸ ਦੀ ਪੈਰੋਲ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ।
ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਕਿ ਅਦਾਲਤ ਨੇ ਸੌਦਾ ਸਾਧ ਨੂੰ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ? ਮਾਲੀਵਾਲ ਨੇ ਕਿਹਾ ਕਿ ਉਹ ਪੈਰੋਲ ਵਿਚ ਭਾਸ਼ਣ ਅਤੇ ਗੀਤ ਬਣਾਉਂਦਾ ਹੈ। ਹਰਿਆਣਾ ਸਰਕਾਰ ਦੇ ਕੁਝ ਲੀਡਰ ਤਾੜੀਆਂ ਮਾਰਦੇ ਹਨ, 'ਭਗਤੀ' 'ਚ ਲੀਨ ਹਨ! ਹਰਿਆਣਾ ਸਰਕਾਰ ਸੌਦਾ ਸਾਧ ਦੀ ਪੈਰੋਲ ਤੁਰੰਤ ਖਤਮ ਕਰੇ!