ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਫ਼ੈਸਲਾ - 29 ਨਵੰਬਰ ਨੂੰ ਨਹੀਂ ਹੋਵੇਗਾ ਸੰਸਦ ਵੱਲ ਕੂਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਨਾਲ ਗਲਬਾਤ ਲਈ ਤਿਆਰ ਪਰ ਜੇ ਕੋਈ ਸਿੱਟਾ ਨਾ ਨਿਕਲਿਆ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ - SKM

SKM

4 ਦਸੰਬਰ ਨੂੰ ਕਾਨਫ਼ਰੰਸ ਕਰ ਕੇ ਬਣਾਈ ਜਾਵੇਗੀ ਅਗਲੀ ਰਣਨੀਤੀ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਸਿੰਘੁ ਬਾਰਡਰ 'ਤੇ ਕੀਤੀ ਅਹਿਮ ਬੈਠਕ ਵਿਚ 9 ਮੈਂਬਰਾਂ ਦੀ ਕੋਰ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ।ਉਨ੍ਹਾਂ ਕਿਹਾ ਕਿ ਹੁਣ 29 ਨਵੰਬਰ ਨੂੰ ਸੰਸਦ ਵੱਲ ਟਰੈਕਟਰ ਮਾਰਚ ਨਹੀਂ ਕਰਨਗੇ। ਦੱਸਣਯੋਗ ਹੈ ਕਿ 29 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ।

ਕਿਸਾਨਾਂ ਨੇ ਪਹਿਲਾਂ ਇਹਐਲਾਨ ਕੀਤਾ ਸੀ ਕਿ ਜਦੋਂ ਤੱਕ ਸੰਸਦ ਵਿਚ ਰਸਮੀ ਰੂਪ ਨਾਲ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਹ ਟਰੈਕਟਰ ਮਾਰਚ ਕਰਨਗੇ ਪਰ ਹੁਣ ਕਿਸਾਨਾਂ ਨੇ ਆਪਣਾ ਇਹ ਫ਼ੈਸਲਾ ਵਾਪਸ ਲੈ ਲਿਆ ਹੈ।

ਇਹ ਵੀ ਦੱਸਣਯੋਗ ਹੈ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ। 

ਸੰਯੁਕਤ ਮੋਰਚੇ ਨੇ ਇਹ ਕਿਹਾ ਕਿ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਦਾ ਜਵਾਬ ਆਉਣਾ ਅਜੇ ਬਾਕੀ ਹੈ ਇਸ ਲਈ ਇਹ ਟਰੈਕਟਰ ਮਾਰਚ ਫਿਲਹਾਲ ਲਈ ਮੁਲਤਵੀ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ 4 ਦਸੰਬਰ ਨੂੰ ਕਾਨਫ਼ਰੰਸ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ ਬਣਾਈ ਜਾਵੇਗੀ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸਰਕਾਰ ਨਾਲ ਗਲਬਾਤ ਲਈ ਤਿਆਰ ਹਨ ਪਰ ਅੰਦੋਲਨ ਅਜੇ ਜਾਰੀ ਰਹੇਗਾ ਅਤੇ ਜੇਕਰ ਕੋਈ ਸਿੱਟਾ ਨਾ ਨਿਕਲਿਆ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ।