ਅਰਥਵਿਵਸਥਾ ਨੂੰ ਲੈ ਕੇ ਫਿਰ ਬਰਸੇ ਰਾਹੁਲ ਗਾਂਧੀ, ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ ਕੀਤਾ ਟਵੀਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਹੁਲ ਗਾਂਧੀ ਨੇ ਕਿਹਾ, ‘ਅਰਥਵਿਵਸਥਾ ਨੂੰ ਕਿਵੇਂ ਬਰਬਾਦ ਕਰਨਾ, ਇਹ ਮੋਦੀ ਸਰਕਾਰ ਤੋਂ ਸਿੱਖੋ’

PM Modi - Rahul Gandhi

ਨਵੀਂ ਦਿੱਲੀ: ਬਜਟ ਸੈਸ਼ਨ ਤੋਂ ਇਕ ਦਿਨ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਰਥਵਿਵਸਥਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਨੂੰ ਕਿਵੇਂ ਬਰਬਾਦ ਕਰਨਾ ਹੈ, ਇਹ ਕੰਮ ਮੋਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ।

ਰਾਹੁਲ ਗਾਂਧੀ ਨੇ ਲਿਖਿਆ, ‘ਸ੍ਰੀ ਮੋਦੀ ਦੀ ਸਰਕਾਰ ਇਸ ਗੱਲ ਦਾ ਸਬਕ ਹੈ ਕਿ ਕਿਵੇਂ ਦੁਨੀਆਂ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਅਰਥਵਿਵਸਥਾਵਾਂ ਵਿਚੋਂ ਇਕ ਨੂੰ ਬਰਬਾਦ ਕੀਤਾ ਜਾਵੇ’। ਜ਼ਿਕਰਯੋਗ ਹੈ ਕਿ 29 ਜਨਵਰੀ ਤੋਂ ਬਜਟ ਸੈਸ਼ਨ ਦੀ ਸ਼ੁਰੂਆਤ ਹੋਣ ਜਾ ਰਹੀ ਹੈ। 1 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸਾਬਕਾ ਕਾਂਗਰਸ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਫਿਰ ਅਪੀਲ ਕੀਤੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਦੇ ਕਥਨ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ। ਉਹਨਾਂ ਲਿਖਿਆ, ‘ਤੁਸੀਂ ਨਿਮਰਤਾ ਨਾਲ ਸੰਸਾਰ ਨੂੰ ਬਦਲ ਸਕਦੇ ਹੋ-ਮਹਾਤਮਾ ਗਾਂਧੀ। ਇਕ ਵਾਰ ਫਿਰ ਮੋਦੀ ਸਰਕਾਰ ਨੂੰ ਅਪੀਲ ਹੈ ਕਿ ਤੁਰੰਤ ਖੇਤੀ ਵਿਰੋਧੀ ਕਾਨੂੰਨ ਵਾਪਸ ਲਏ ਜਾਣ।

ਇਸ ਦੇ ਨਾਲ ਹੀ ਉਹਨਾਂ ਨੇ ਦਿੱਲੀ ਵਿਖੇ ਹੋਈ ਹਿੰਸਾ ‘ਤੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਦੱਸ ਦਈਏ ਕਿ ਕਾਂਗਰਸ ਆਗੂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾਵਰ ਰਹੇ ਹਨ। ਰਾਹੁਲ ਗਾਂਧੀ ਖੇਤੀ ਕਾਨੂੰਨਾਂ ਦੇ ਮੁੱਦੇ ਤੋਂ ਇਲਾਵਾ ਭਾਰਤ-ਚੀਨ ਵਿਵਾਦ ਨੂੰ ਲੈ ਕੇ ਵੀ ਕੇਂਦਰ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦੇ ਰਹੇ ਹਨ।