CM ਮਾਨ ਵਲੋਂ ਪੰਜਾਬ 'ਚ ਹਰ ਘਰ ਰਾਸ਼ਨ ਵਾਲੀ ਨਵੀਂ ਸਕੀਮ ਚਲਾਉਣ 'ਤੇ ਖੁਸ਼ ਹੋਏ ਕੇਜਰੀਵਾਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ- ਦਿੱਲੀ 'ਚ ਲਾਗੂ ਕਰਨਾ ਚਾਹੁੰਦੇ ਹਾਂ, ਪਰ ਕੇਂਦਰ ਬਣਿਆ ਰੋੜਾ

Arvind Kejriwal

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਪਹੁੰਚਾਉਣ ਦਾ ਐਲਾਨ ਕੀਤਾ ਹੈ। ਘਰ-ਘਰ ਰਾਸ਼ਨ ਯੋਜਨਾ ਦੇ ਤਹਿਤ, ਸਰਕਾਰ ਤੁਹਾਨੂੰ ਹਰ ਮਹੀਨੇ ਰਾਸ਼ਨ ਪਹੁੰਚਾਏਗੀ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਮਾਨ ਨੇ ਰਾਸ਼ਨ ਦੀ ‘ਡੋਰ ਸਟੈਪ ਡਿਲੀਵਰੀ’ ਦਾ ਐਲਾਨ ਕੀਤਾ ਹੈ।

ਅਸੀਂ ਇਸ ਨੂੰ ਦਿੱਲੀ ਵਿਚ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਕੇਂਦਰ ਇਸ ਵਿਚ ਰੁਕਾਵਟ ਪਾਉਂਦਾ ਹੈ। ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦੀ ਨੀਤੀ ਲਾਗੂ ਕਰਨ ਤੋਂ ਬਾਅਦ ਦੂਜੇ ਸੂਬਿਆਂ ਦੇ ਲੋਕ ਵੀ ਇਸ ਦੀ ਮੰਗ ਕਰਨ ਲੱਗ ਜਾਣਗੇ।

ਇੱਕ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ, ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਸ਼ਟਰੀ ਰਾਜਧਾਨੀ ਵਿੱਚ ਨੀਤੀ ਨੂੰ ਲਾਗੂ ਕਰਨ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ ਕਿ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾਵੇਗਾ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਅਸੀਂ ਇਸ ਨੂੰ ਦਿੱਲੀ ਵਿੱਚ ਵੀ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੀਤੀ ਨੂੰ ਦਿੱਲੀ ਵਿੱਚ ਲਾਗੂ ਕਰਨ ਵਿੱਚ ਅੜਿੱਕਾ ਡਾਹ ਰਹੀ ਹੈ। ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਚਾਰ ਨੂੰ ਅਮਲ ਵਿੱਚ ਲਿਆਉਣ ਦਾ ਸਮਾਂ ਆ ਗਿਆ ਹੈ। 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ 'ਘਰ-ਘਰ ਰਾਸ਼ਨ ਵੰਡ ਯੋਜਨਾ' ਦੀ ਸ਼ੁਰੂਆਤ ਦਾ ਐਲਾਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਹੁਣ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ ਕਿਉਂਕਿ ਚੰਗੀ ਗੁਣਵੱਤਾ ਦਾ ਰਾਸ਼ਨ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਹਾਲਾਂਕਿ, ਇਹ ਸਕੀਮ ਯੋਗ ਲਾਭਪਾਤਰੀਆਂ ਲਈ ਵਿਕਲਪਿਕ ਹੋਵੇਗੀ।