ਖ਼ਤਮ ਹੋਣਾ ਚਾਹੀਦੈ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਅਧਿਕਾਰ: ਰਾਜਨਾਥ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ ਦੇ ਲੋਕਾਂ ਵਿਚ ਵੱਖਵਾਦ ਪੈਦਾ ਕਰ ਰਹੇ ਹਨ ਕੁੱਝ ਸੰਗਠਨ 

Articles 370, 35A should be reviewed, scrapped: Rajnath Singh

ਲਖਨਊ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਧਾਰਾ 370 ਅਤੇ 35ਏ ਤਹਿਤ ਜੰਮੂ-ਕਸ਼ਮੀਰ ਨੂੰ ਮਿਲੇ ਹੋਏ ਵਿਸ਼ੇਸ਼ ਅਧਿਕਾਰ ਦੀ ਸਮੀਖਿਆ ਹੋਣੀ ਚਾਹੀਦੀ ਹੈ ਅਤੇ ਇਸ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ। ਲਖਨਊ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦੇ ਹੱਕ ਵਿਚ ਹੋਏ ਇਕ ਸਮਾਗਮ ਵਿਚ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਇਕ ਸੰਵਿਧਾਨਕ ਅਹੁਦੇ 'ਤੇ ਰਹਿ ਚੁੱਕੇ ਨੇਤਾ ਨੇ ਹਾਲ ਹੀ ਵਿਚ ਕਿਹਾ ਹੈ ਕਿ ਭਾਰਤ ਤੇ ਜੰਮੂ-ਕਸ਼ਮੀਰ ਦੇ ਵਖਰੇ-ਵਖਰੇ ਪ੍ਰਧਾਨ ਮੰਤਰੀ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਅਜਿਹਾ ਵਿਅਕਤੀ ਇਹ ਕਹਿੰਦਾ ਹੈ ਤਾਂ ਜੰਮੂ-ਕਸ਼ਮੀਰ ਨੂੰ ਮਿਲੇ ਹੋਏ ਵਿਸ਼ੇਸ਼ ਅਧਿਕਾਰ ਦੀ ਸਮੀਖਿਆ ਹੋਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਜ਼ਿਆਦਾਤਰ ਨੁਕਸਾਨ ਹੀ ਹੋਇਆ ਹੈ, ਇਸ ਲਈ ਧਾਰਾ 370 ਅਤੇ 35ਏ ਨੂੰ ਖ਼ਤਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਚ ਇਕ ਬਹੁਤ ਵੱਡੀ ਸਾਜ਼ਸ਼ ਹੈ। ਉਥੋਂ ਦੇ ਕੁੱਝ ਸੰਗਠਨ ਉਥੋਂ ਦੀ ਜਨਤਾ ਵਿਚ ਵੱਖਵਾਦ ਪੈਦਾ ਕਰਨਾ ਚਾਹੁੰਦੇ ਹਨ ਪਰ ਉਥੋਂ ਦੇ ਜ਼ਿਆਦਾਤਰ ਲੋਕ ਭਾਰਤ ਦੇ ਨਾਲ ਰਹਿਣਾ ਚਾਹੁੰਦੇ ਹਨ। 

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇਸ਼ ਤੇਜ਼ੀ ਨਾਲ ਅੱਗੇ ਵਧਿਆ ਹੈ। ਸਾਰੇ ਭਾਰਤ ਨੂੰ ਹੀ ਨਹੀਂ ਬਲਕਿ ਸਾਰੀ ਦੁਨੀਆਂ ਦੇ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਭਾਰਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇੰਟਰਨੈਸ਼ਨਲ ਮਾਨੇਟਰੀ ਫ਼ੰਡ ਨੇ ਸਵੀਕਾਰ ਕੀਤਾ ਹੈ ਕਿ ਦੁਨੀਆਂ ਵਿਚ ਤੇਜ਼ੀ ਨਾਲ ਅੱਗੇ ਵਧਣ ਵਾਲਾ ਕੋਈ ਦੇਸ਼ ਹੈ ਤਾਂ ਉਹ ਦੇਸ਼ ਭਾਰਤ ਹੈ।