ਪੰਜਾਬ ਅਤੇ ਜੰਮੂ-ਕਸ਼ਮੀਰ 'ਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਰਣਨੀਤੀ ਘੜ ਰਹੀ ਹੈ ਕੇਂਦਰ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਮਿਤ ਸ਼ਾਹ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ

Amarinder Singh met Amit Shah

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਘੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਇਸ ਗੱਲ ਦਾ ਪ੍ਰਗਟਾਵਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਅਲਾਮਤ 'ਤੇ ਕਾਬੂ ਪਾਉਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਨੂੰ ਦੁਹਰਾਇਆ।

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਕੇਂਦਰ ਸਰਕਾਰ ਵਲੋਂ ਸਹਿਯੋਗ ਕਰਨ ਬਦਲੇ ਕੇਂਦਰੀ ਗ੍ਰਹਿ ਮੰਤਰੀ ਦਾ ਧਨਵਾਦ ਕਰਦਿਆਂ ਮੁੱਖ ਮੰਤਰੀ ਨੇ ਨਾਰਕੋਟਿਕ ਕੰਟਰੋਲ ਬਿਊਰੋ ਦੇ ਹੋਰ ਅਧਿਕਾਰੀ ਪੰਜਾਬ ਵਿਚ ਤਾਇਨਾਤ ਕਰਨ ਦੀ ਮੰਗ ਕੀਤੀ ਜਿਨ੍ਹਾਂ ਵਿਚ ਆਈ.ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਚੰਡੀਗੜ੍ਹ ਅਤੇ ਡੀ.ਆਈ.ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਅੰਮ੍ਰਿਤਸਰ ਵਿਚ ਪੱਕੇ ਤੌਰ 'ਤੇ ਤਾਇਨਾਤ ਕੀਤਾ ਜਾਵੇ। ਮੁੱਖ ਮੰਤਰੀ ਨੇ ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ 'ਤੇ ਜ਼ੋਰ ਪਾਉਣ ਵਾਸਤੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਤਾਕਿ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਕਿਸੇ ਵੀ ਰੁੱਤ ਵਿਚ ਬਿਨਾਂ ਕਿਸੇ ਦਿੱਕਤ ਦੇ ਜਾਣ ਦੀ ਸਹੂਲਤ ਮੁਹਈਆ ਹੋ ਸਕੇ।

ਦੋਵਾਂ ਮੁਲਕਾਂ ਵਲੋਂ ਆਪੋ-ਅਪਣੇ ਹਿੱਸੇ ਵਿਚ ਬਣਾਏ ਜਾ ਰਹੇ ਪੁਲਾਂ ਦਰਮਿਆਨ ਪਾਕਿਸਤਾਨ ਕਾਜ਼ਵੇਅ ਦਾ ਨਿਰਮਾਣ ਕਰਨ ਲਈ ਬਜ਼ਿੱਦ ਹੈ ਜਿਸ ਕਰ ਕੇ ਰਾਵੀ ਦਰਿਆ 'ਤੇ ਸੰਪਰਕ ਜੋੜਨ ਦਾ ਕੰਮ ਰੁਕਿਆ ਹੋਇਆ ਹੈ। ਮੁੱਖ ਮੰਤਰੀ ਨੇ ਦਸਿਆ ਕਿ ਪਾਕਿਸਤਾਨ ਵਲੋਂ ਪ੍ਰਸਤਾਵਤ ਕਾਜ਼ਵੇਅ ਮੌਨਸੂਨ ਸੀਜ਼ਨ ਦੌਰਾਨ ਪਾਣੀ ਵਿਚ ਰੁੜ ਜਾਵੇਗਾ ਜਿਸ ਨਾਲ ਇਸ ਇਤਿਹਾਸਕ ਲਾਂਘੇ ਰਾਹੀਂ ਗੁਜ਼ਰਦੇ ਰਸਤੇ ਵਿਚ ਰੁਕਾਵਟਾਂ ਪੈਦਾ ਹੋਣਗੀਆਂ। ਮੁੱਖ ਮੰਤਰੀ ਵਲੋਂ ਕੀਤੀ ਅਪੀਲ ਦੇ ਜਵਾਬ ਵਿਚ ਅਮਿਤ ਸ਼ਾਹ ਨੇ ਪੰਜਾਬ ਦੀਆਂ ਅਤਿ ਸੁਰੱਖਿਅਤ ਜੇਲਾਂ ਲਈ ਆਈ.ਆਰ.ਬੀ. ਨਾਲ ਕੇਂਦਰੀ ਫ਼ੋਰਸ ਦੀਆਂ ਤਿੰਨ ਕੰਪਨੀਆਂ ਦਾ ਵਟਾਂਦਰਾ ਕਰਨ ਦੀ ਸਹਿਮਤੀ ਦਿਤੀ।