ਨੂਪੁਰ ਸ਼ਰਮਾ ਦੇ ਸਮਰਥਨ 'ਚ ਪੁੱਤਰ ਵੱਲੋਂ ਪੋਸਟ ਪਾਉਣ 'ਤੇ ਪਿਓ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਮੁਲਜ਼ਮ ਕੀਤੇ ਗ੍ਰਿਫਤਾਰ

photo

 

ਉਦੈਪੁਰ— ਰਾਜਸਥਾਨ ਦੇ ਉਦੈਪੁਰ ਸ਼ਹਿਰ ਦੇ ਧਨਮੰਡੀ ਥਾਣਾ ਖੇਤਰ ਦੀ ਮਾਲਦਾਸ ਗਲੀ 'ਚ ਦਿਨ-ਦਿਹਾੜੇ ਦੋ ਲੋਕਾਂ ਨੇ ਇਕ ਨੌਜਵਾਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇ 8 ਸਾਲਾ ਬੇਟੇ ਨੇ ਨੂਪੁਰ ਸ਼ਰਮਾ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਸੀ। ਇਸ ਤੋਂ ਗੁੱਸੇ 'ਚ ਆ ਕੇ ਦੋਸ਼ੀ ਨੇ ਉਸਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਦੋਨਾਂ ਮੁਲਜ਼ਮਾਂ ਮੁਹੰਮਦ ਰਿਆਜ਼ ਅਤੇ ਗੋਸ ਮੁਹੰਮਦ ਨੂੰ ਰਾਜਸਮੰਦ ਦੇ ਭੀਮ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ।

 

 

ਇਸ ਹੈਰਾਨ ਕਰਨ ਵਾਲੀ ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਗਲੇ 24 ਘੰਟਿਆਂ ਲਈ ਇੰਟਰਨੈੱਟ ਬੰਦ ਰਹੇਗਾ। ਸੂਚਨਾ 'ਤੇ ਥਾਣਾ ਘੰਟਾਘਰ ਅਤੇ ਧਨਮੰਡੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਐਮਬੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਘਟਨਾ ਦੀ ਕਈ ਸਿਆਸਤਦਾਨਾਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।

 

 

ਜਾਣਕਾਰੀ ਮੁਤਾਬਕ ਮ੍ਰਿਤਕ ਕਨ੍ਹਈਆਲਾਲ ਦੇ ਅੱਠ ਸਾਲਾ ਬੇਟੇ ਨੇ ਮੋਬਾਈਲ ਤੋਂ ਨੂਪੁਰ ਸ਼ਰਮਾ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸੀ। ਇਸ ਤੋਂ ਬਾਅਦ ਕੁਝ ਲੋਕ ਗੁੱਸੇ 'ਚ ਆ ਗਏ ਅਤੇ ਦੋ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਿੰਦੂ ਸੰਗਠਨ 'ਚ ਗੁੱਸਾ ਹੈ।

 

ਨੌਜਵਾਨ ਦਾ ਦੋ ਮੁਸਲਿਮ ਦੋਸ਼ੀਆਂ ਨੇ ਤਲਵਾਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ 'ਚ ਦੋਸ਼ੀਆਂ ਨੇ ਵੀਡੀਓ ਜਾਰੀ ਕਰਕੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਹੈ। ਲੋਕਾਂ ਦਾ ਕਹਿਣਾ ਹੈ ਕਿ ਕਾਤਲਾਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਨੌਜਵਾਨ ਦੀ ਕੁੱਟਮਾਰ ਦੇ ਵਿਰੋਧ 'ਚ ਮਾਲਦਾਸ ਗਲੀ ਇਲਾਕੇ 'ਚ ਦੁਕਾਨਾਂ ਬੰਦ ਕਰਵਾ ਦਿੱਤੀਆਂ ਹਨ।