Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਇਲਜ਼ਾਮ
ਨਵੀਂ ਦਿੱਲੀ : Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਨੇ ਇਹ ਕਾਰਵਾਈ ਆਈਪੀਸੀ ਦੀ ਧਾਰਾ 153/295 ਤਹਿਤ ਕੀਤੀ ਹੈ। ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ IFSC ਯੂਨਿਟ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ੁਬੈਰ ਖ਼ਿਲਾਫ਼ ਆਈਪੀਸੀ ਦੀ ਧਾਰਾ 153ਏ/295ਏ ਤਹਿਤ ਕੇਸ ਦਰਜ ਕੀਤਾ ਗਿਆ ਸੀ, ਇਸੇ ਮਾਮਲੇ ਦੀ ਜਾਂਚ ਦੇ ਚੱਲਦਿਆਂ ਅੱਜ ਜ਼ੁਬੈਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜ਼ੁਬੈਰ ਨੂੰ ਪੁਖਤਾ ਸਬੂਤਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ੁਬੈਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।
ਦਿੱਲੀ ਪੁਲਿਸ ਦੀ ਵਲੋਂ ਕਿਹਾ ਗਿਆ ਕਿ ਮੁਹੰਮਦ ਜ਼ੁਬੈਰ ਦੁਆਰਾ ਇੱਕ ਵਿਸ਼ੇਸ਼ ਧਾਰਮਿਕ ਭਾਈਚਾਰੇ ਦੇ ਖ਼ਿਲਾਫ਼ ਪੋਸਟ ਕੀਤੀ ਗਈ ਤਸਵੀਰ ਅਤੇ ਸ਼ਬਦ ਲੋਕਾਂ ਵਿੱਚ ਨਫ਼ਰਤ ਫੈਲਾਉਣ ਲਈ ਬਹੁਤ ਹੀ ਭੜਕਾਊ ਅਤੇ ਜਾਣਬੁੱਝ ਕੇ ਕੀਤੇ ਗਏ ਹਨ। ਇਸ ਨਾਲ ਜਨਤਕ ਸ਼ਾਂਤੀ ਬਣਾਈ ਰੱਖਣਾ ਮੁਸ਼ਕਲ ਹੋ ਸਕਦਾ ਹੈ। ਉਕਤ ਪੋਸਟਾਂ ਦੇ ਆਧਾਰ 'ਤੇ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਪ੍ਰਤੀਕ ਸਿਨਹਾ ਨੇ ਕਿਹਾ ਕਿ ਮੁਹੰਮਦ ਜ਼ੁਬੈਰ ਨੂੰ 2020 ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇੱਕ ਵੱਖਰੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ।
ਇਸ ਮਾਮਲੇ ਵਿੱਚ ਉਸ ਨੂੰ ਹਾਈ ਕੋਰਟ ਤੋਂ ਗ੍ਰਿਫ਼ਤਾਰੀ ਤੋਂ ਛੋਟ ਮਿਲੀ ਹੋਈ ਹੈ। ਉਸ ਨੂੰ ਕਿਸੇ ਹੋਰ ਮਾਮਲੇ ਵਿੱਚ ਦਰਜ ਐਫਆਈਆਰ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹੰਮਦ ਜ਼ੁਬੈਰ ਨੂੰ ਇਸ ਮਾਮਲੇ ਸਬੰਧੀ ਕੋਈ ਨੋਟਿਸ ਨਹੀਂ ਦਿੱਤਾ ਗਿਆ। ਜਿਨ੍ਹਾਂ ਧਾਰਾਵਾਂ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਨੋਟਿਸ ਦੇਣ ਦੀ ਵਿਵਸਥਾ ਹੈ ਪਰ ਅਜਿਹਾ ਨਹੀਂ ਕੀਤਾ ਗਿਆ। ਕਈ ਬੇਨਤੀਆਂ ਤੋਂ ਬਾਅਦ ਵੀ ਸਾਨੂੰ ਐਫਆਈਆਰ ਦੀ ਕਾਪੀ ਨਹੀਂ ਦਿੱਤੀ ਗਈ।