Bihar Election: 71 ਸੀਟਾਂ 'ਤੇ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਹੋਈ 7.35% ਵੋਟਿੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

1066 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 2.14 ਕਰੋੜ ਤੋਂ ਜ਼ਿਆਦਾ ਵੋਟਰ 

Bihar Assembly Election

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਵਿਚ ਅੱਜ ਪਹਿਲੇ ਗੇੜ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਚੋਣਾਂ ਲਈ ਸੁਰੱਖਿਆ ਤੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਦੌਰਾਨ ਨਕਸਲ ਪ੍ਰਭਾਵਿਤ ਇਲਾਕਿਆਂ ਵਿਚ ਅਸਮਾਨ ਦੇ ਜ਼ਰੀਏ ਡਰੋਨ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ।

ਸੂਬੇ ਦੀਆਂ 71 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ 2.14 ਕਰੋੜ ਤੋਂ ਜ਼ਿਆਦਾ ਵੋਟਰ 1066 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ 8 ਮੰਤਰੀਆਂ ਸਮੇਤ ਕਈ ਦਿੱਗਜ਼ ਮੈਦਾਨ ਵਿਚ ਹਨ। 

ਚੋਣਾਂ ਦੌਰਾਨ ਕੋਰੋਨਾ ਵਾਇਰਸ ਦਿਸ਼ਾ ਨਿਰਦੇਸ਼ਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਵੋਟਿੰਗ ਕੇਂਦਰਾਂ ਨੂੰ ਚੰਗੀ ਤਰ੍ਹਾਂ ਸੈਨੀਟਾਈਜ਼ ਕੀਤਾ ਗਿਆ। ਇਸ ਦੌਰਾਨ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੋਟਰਾਂ ਦੇ ਤਾਪਮਾਨ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਜ਼ਰੂਰੀ ਸੁਰੱਖਿਆ ਉਪਕਰਣ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਅੱਜ ਬਿਹਾਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਰੈਲੀਆਂ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ ਪਹਿਲੇ ਪੜਾਅ ਵਿਚ ਪ੍ਰਚਾਰ ਲਈ 23 ਅਕਤੂਬਰ ਨੂੰ ਬਿਹਾਰ ਪਹੁੰਚੇ ਸੀ। ਦੱਸ ਦਈਏ ਕਿ ਬਿਹਾਰ ਵਿਚ ਦੂਜੇ ਪੜਾਅ ਦੀ ਵੋਟਿੰਗ 3 ਨਵੰਬਰ ਨੂੰ ਹੋਵੇਗੀ।