ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕਿਸਾਨਾਂ ਅਤੇ ਖੇਤਾਂ 'ਤੇ ਹਮਲਾ- ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਬਿਹਾਰ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਚੁੱਕਿਆ ਖੇਤੀ ਕਾਨੂੰਨਾਂ ਦਾ ਮੁੱਦਾ

Rahul Gandhi

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਬਿਹਾਰ ਵਿਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਉਹਨਾਂ ਨੇ ਪਹਿਲਾਂ ਪੱਛਮੀ ਚੰਪਾਰਣ ਵਿਚ ਰੈਲੀ ਕੀਤੀ, ਜਿੱਥੇ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਅਲੋਚਨਾ ਕੀਤੀ। ਇਸ ਮੌਕੇ ਉਹਨਾਂ ਨੇ ਤੇਜਸਵੀ ਯਾਦੀਵ ਦੀ ਤਾਰੀਫ਼ ਕੀਤੀ। 

ਰੈਲੀ ਦੌਰਾਨ ਰਾਹੁਲ ਗਾਂਧੀ ਨੇ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ। ਉਹਨਾਂ ਕਿਹਾ ਕਿ ਹਰ ਵਾਰ ਦੁਸਹਿਰੇ ਮੌਕੇ ਰਾਵਣ ਦੇ ਪੁਤਲੇ ਸਾੜੇ ਜਾਂਦੇ ਹਨ, ਪਰ ਇਸ ਵਾਰ ਰਾਵਣ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਸਾੜੇ ਗਏ, ਇਹ ਬਹੁਤ ਵੱਡਾ ਸਵਾਲ ਹੈ। 

ਉਹਨਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਪਰ ਇਸ ਦਾ ਕਾਰਨ ਇਹ ਹੈ ਕਿ ਜੋ ਨਿਤਿਸ਼ ਕੁਮਾਰ ਨੇ 2006 ਵਿਚ ਬਿਹਾਰ ਨਾਲ ਕੀਤਾ, ਅੱਜ ਪੀਐਮ ਮੋਦੀ ਉਹੀ ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼ ਨਾਲ ਕਰ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕਿਸਾਨਾਂ ਅਤੇ ਉਹਨਾਂ ਦੇ ਖੇਤਾਂ 'ਤੇ ਹਮਲਾ ਹੈ।  ਉਹਨਾਂ ਕਿਹਾ ਕਿ ਬਿਹਾਰ ਦੇ ਲੋਕਾਂ ਨੂੰ ਪੰਜਾਬ, ਦਿੱਲੀ, ਹਰਿਆਣਾ, ਬੰਗਲੁਰੂ ਵਿਚ ਰੁਜ਼ਗਾਰ ਮਿਲਦਾ ਹੈ ਪਰ ਬਿਹਾਰ ਵਿਚ ਨਹੀਂ ਮਿਲਦਾ।

ਉਹਨਾਂ ਕਿਹਾ ਅਜਿਹਾ ਨਹੀਂ ਕਿ ਬਿਹਾਰ ਦੇ ਲੋਕਾਂ ਵਿਚ ਕੋਈ ਕਮੀ ਹੈ, ਬਲਕਿ ਕਮੀ ਨਿਤਿਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਵਿਚ ਹੈ। ਇਸ ਦੌਰਾਨ ਉਹਨਾਂ ਨੇ ਪੀਐਮ ਮੋਦੀ ਅਤੇ ਭਾਜਪਾ 'ਤੇ ਝੂਠ ਬੋਲਣ ਦਾ ਦੋਸ਼ ਲਗਾਇਆ। ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਹਰ ਸਾਲ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ।

ਉਹਨਾਂ ਕਿਹਾ ਕਿ ਜੇਕਰ ਹੁਣ ਮੋਦੀ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਰਦੇ ਤਾਂ ਲੋਕ ਉਹਨਾਂ ਨੂੰ ਭਜਾ ਦਿੰਦੇ। ਰਾਹੁਲ ਗਾਂਧੀ ਨੇ ਕਿਹਾ ਕਿ ਲੌਕਡਾਊਨ ਦੌਰਾਨ ਮੋਦੀ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਨੂੰ ਪੈਦਲ ਭੇਜਿਆ। ਰਾਹੁਲ ਗਾਂਧੀ ਨੇ ਕਿਹਾ ਕਿ ਉਹਨਾਂ ਅੰਦਰ ਇਕ ਕਮੀ ਹੈ, ਕਿ ਉਹਨਾਂ ਨੂੰ ਝੂਠ ਬੋਲਣਾ ਨਹੀਂ ਆਉਂਦਾ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਹੋਰ ਵੀ ਕਈ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾ ਕੀਤਾ।