ਰਾਕੇਸ਼ ਟਿਕੈਤ ਨੂੰ ਮਿਲਿਆ ‘ਆਪ’ ਦਾ ਸਾਥ, ਸਮਰਥਨ ਦੇਣ ਗਾਜ਼ੀਪੁਰ ਬਾਰਡਰ ਪਹੁੰਚੇ ਮਨੀਸ਼ ਸਿਸੋਦੀਆ
ਰਾਕੇਸ਼ ਟਿਕੈਤ ਨੇ ਮਨੀਸ਼ ਸਿਸੋਦੀਆ ਦਾ ਕੀਤਾ ਨਿੱਘਾ ਸਵਾਗਤ
ਨਵੀਂ ਦਿੱਲੀ: ਗਾਜ਼ੀਪੁਰ ਪ੍ਰਸ਼ਾਸਨ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਨੂੰ ਬਾਰਡਰ ਖਾਲੀ ਕਰਨ ਦਾ ਨੋਟਿਸ ਦੇਣ ਤੋਂ ਬਾਅਦ ਕਿਸਾਨੀ ਮੋਰਚੇ ਨੇ ਤੇਜ਼ ਰਫ਼ਤਾਰ ਫੜ੍ਹ ਲਈ ਹੈ। ਕਿਸਾਨਾਂ ਵੱਲੋਂ ਬਾਰਡਰ ਖਾਲੀ ਕਰਨ ਤੋਂ ਇਨਕਾਰ ਕਰਨ ਦੇ ਚਲਦਿਆਂ ਮੋਰਚੇ ਨੂੰ ਸਿਆਸੀ ਆਗੂਆਂ ਦਾ ਸਮਰਥਨ ਵੀ ਮਿਲ ਰਿਹਾ ਹੈ।
ਇਸ ਦੌਰਾਨ ਸੰਘਰਸ਼ ਨੂੰ ਹਮਾਇਤ ਦੇਣ ਲਈ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਗਾਜ਼ੀਪੁਰ ਬਾਰਡਰ ਪਹੁੰਚੇ। ਗਾਜ਼ੀਪੁਰ ਬਾਰਡਰ ਵਿਖੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਮਨੀਸ਼ ਸਿਸੋਦੀਆ ਦਾ ਨਿੱਘਾ ਸਵਾਗਤ ਕੀਤਾ। ਇੱਥੇ ਪਹੁੰਚ ਕੇ ਆਪ ਆਗੂ ਨੇ ਕਿਸਾਨਾਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।
ਉਹਨਾਂ ਕਿਹਾ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਹੈ ਤੇ ਗਾਜ਼ੀਪੁਰ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਗਾਜ਼ੀਪੁਰ ਬਾਰਡਰ ‘ਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਬਿਜਲੀ ਤੇ ਪਾਣੀ ਬੰਦ ਕਰ ਦਿੱਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੁਰੰਤ ਆਦੇਸ਼ ਦੇ ਕੇ ਕਿਸਾਨਾਂ ਲਈ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਇਆ ਹੈ। ਉਹਨਾਂ ਕਿਹਾ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਲਈ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ। ਸੀਐਮ ਦੇ ਨਿਰਦੇਸ਼ ਅਨੁਸਾਰ ਰਾਤ ਮੌਕੇ ਹੀ ਇਸ ਦੀ ਸਹੂਲਤ ਮਹੱਈਆ ਕਰਵਾਈ ਗਈ ਸੀ। ਇਸ ਤੋਂ ਇਲਾਵਾ ਆਪ ਆਗੂ ਸਤਿੰਦਰ ਜੈਨ ਸਿੰਘੂ ਬਾਰਡਰ ‘ਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।