Supreme Court News: ਔਰਤ ਦੇ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਸਿੱਟ ਬਣਾਉਣ ਦੇ ਦਿੱਤੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਸ ਦਾ ਤਿੰਨ ਮਹੀਨਿਆਂ ਵਿਚ ਨਿਪਟਾਰਾ ਕਰਨ ਦੇ ਹੁਕਮ

Supreme Court directs Punjab DGP to form SIT in woman's murder case

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਨੂੰ ਇੱਕ ਔਰਤ ਕਤਲ ਦੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐੱਨ ਕੋਟਿਸ਼ਵਰ ਸਿੰਘ ਦੀ ਬੈਂਚ ਪੀੜਤਾ ਦੇ ਪਿਤਾ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਔਰਤ ਦੇ ਪਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਚੁਣੌਤੀ ਦਿੱਤੀ ਸੀ। ਸਾਲ 2016 'ਚ ਅੰਮ੍ਰਿਤਸਰ 'ਚ ਇਕ ਕਾਰ 'ਚੋਂ ਇਕ ਲੜਕੀ ਦੀ ਲਾਸ਼ ਮਿਲੀ ਸੀ, ਜਿਸ ਦੇ ਪਤੀ 'ਤੇ ਕਤਲ ਦਾ ਦੋਸ਼ ਸੀ।

ਬੈਂਚ ਨੇ ਪੂਰੀ ਜਾਂਚ ਦੀ ਲੋੜ 'ਤੇ ਜ਼ੋਰ ਦਿੱਤਾ, ਖਾਸ ਤੌਰ 'ਤੇ ਇਸ ਤੱਥ ਦੇ ਮੱਦੇਨਜ਼ਰ ਕਿ ਔਰਤ ਦੀ ਮੌਤ ਨੂੰ "ਗ਼ੈਰ-ਕੁਦਰਤੀ" ਕਰਾਰ ਦਿੱਤਾ ਗਿਆ ਸੀ ਪਰ ਘਟਨਾ ਦੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕੇਸ ਵਿੱਚ ਕੋਈ ਮਹੱਤਵਪੂਰਨ ਪ੍ਰਗਤੀ ਨਹੀਂ ਹੋਈ ਹੈ। ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਸੀ ਪਰ ਕੋਈ ਵੱਡੀ ਸਫ਼ਲਤਾ ਨਹੀਂ ਮਿਲੀ। ਸੁਪਰੀਮ ਕੋਰਟ ਨੇ ਡੀਜੀਪੀ ਨੂੰ ਮਾਮਲੇ ਦੀ ਅਗਲੇਰੀ ਜਾਂਚ ਲਈ ਦੋ ਆਈਪੀਐਸ ਅਫ਼ਸਰਾਂ ਅਤੇ ਇੱਕ ਮਹਿਲਾ ਅਫ਼ਸਰ ਦੀ ਤਿੰਨ ਮੈਂਬਰੀ ਐਸਆਈਟੀ ਗਠਿਤ ਕਰਨ ਦਾ ਹੁਕਮ ਦਿੱਤਾ ਹੈ।

ਸਿਖਰਲੀ ਅਦਾਲਤ ਨੇ ਇਹ ਵੀ ਕਿਹਾ ਕਿ ਐਸਆਈਟੀ ਨੂੰ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਕਰਨੀ ਪਵੇਗੀ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕੇਸ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।