ਪਲਾਜ਼ਮਾ ਥੈਰੇਪੀ ਨਾਲ ਇਲਾਜ ਦੇ ਦਾਅਵੇ ਗ਼ਲਤ ਤੇ ਗੁਮਰਾਹਕੁਨ : ਸਿਹਤ ਮੰਤਰਾਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, ਅਜਿਹੇ ਇਲਾਜ ਨਾਲ ਮਰੀਜ਼ ਦੀ ਜਾਨ ਵੀ ਜਾ ਸਕਦੀ ਹੈ

File Photo

ਨਵੀਂ ਦਿੱਲੀ, 28 ਅਪ੍ਰੈਲ: ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਦਸਿਆ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਦੇ 1594 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਪੀੜਤ ਮਰੀਜ਼ਾਂ ਦੀ ਗਿਣਤੀ 29,974 ਹੋ ਗਈ ਹੈ। 24 ਘੰਟਿਆਂ ਵਿਚ 51 ਜਣਿਆਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਵਿਚ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪੱਤਰਕਾਰ ਸੰਮੇਲਨ ਵਿਚ ਦਸਿਆ ਕਿ ਕੋਵਿਡ-19 ਤੋਂ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 7027 ਹੋ ਗਈ ਹੈ। ਇਹ ਕੁਲ ਪੀੜਤ ਮਰੀਜ਼ਾਂ ਦੀ ਗਿਣਤੀ ਦਾ 23.94 ਫ਼ੀ ਸਦੀ ਹੈ।

ਉਨ੍ਹਾਂ ਦਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 684 ਮਰੀਜ਼ਾਂ ਨੂੰ ਸਿਹਤਯਾਬ ਹੋਣ  'ਤੇ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਮੰਤਰਾਲੇ ਦੇ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੀ ਲਾਗ ਨਾਲ ਦੇਸ਼ ਵਿਚ ਹੁਣ ਤਕ 937 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲੇ ਨੇ ਪਲਾਜ਼ਮਾ ਥੈਰੇਪੀ ਨਾਲ ਕੋਰੋਨਾ ਵਾਇਰਸ ਲਾਗ ਦੇ ਇਲਾਜ ਬਾਰੇ ਕੀਤੇ ਜਾ ਰਹੇ ਦਾਅਵਿਆਂ ਨੂੰ ਗ਼ਲਤ ਦਸਦਿਆਂ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੇ ਕਿਸੇ ਇਲਾਜ ਤਰੀਕੇ ਨੂੰ ਮਾਨਤਾ ਨਹੀਂ ਦਿਤੀ ਗਈ।

ਅਗਰਵਾਲ ਨੇ ਪਲਾਜ਼ਮਾ ਥੈਰੇਪੀ ਨਾਲ ਕੋਰੋਨਾ ਵਾਇਰਸ ਦੇ ਲਾਗ ਦੇ ਇਲਾਜ ਦੇ ਦਾਅਵਿਆਂ ਨੂੰ ਭਰਮਾਊ ਅਤੇ ਗ਼ੈਰਕਾਨੂੰਨੀ ਦਸਦਿਆਂ ਕਿਹਾ ਕਿ ਫ਼ਿਲਹਾਲ ਇਹ ਇਲਾਜ ਤਰੀਕਾ ਤਜਰਬੇ ਅਤੇ ਪਰਖ ਦੇ ਦੌਰ ਵਿਚ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਮੈਡੀਕਲ ਰਿਸਰਚ ਕੌਂਸਲ ਨੇ ਹੁਣ ਤਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਕੋਵਿਡ-19 ਦੇ ਇਲਾਜ ਵਿਚ ਇਹ ਤਰੀਕਾ ਕਾਰਗਰ ਸਾਬਤ ਹੋਇਆ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਤਰੀਕੇ ਨਾਲ ਕੋਰੋਨਾ ਵਾਇਰਸ ਪੀੜਤ ਮਰੀਜ਼ ਦਾ ਇਲਾਜ ਕਰਨਾ ਮਰੀਜ਼ ਦੀ ਜਾਨ ਲਈ ਮਾਰੂ ਸਾਬਤ ਹੋ ਸਕਦਾ ਹੈ, ਇਸ ਲਈ ਇਸ ਨੂੰ ਹਾਲੇ ਇਲਾਜ ਦਾ ਬਦਲ ਨਹੀਂ ਮੰਨਿਆ ਜਾ ਸਕਦਾ। ਅਗਰਵਾਲ ਨੇ ਕਿਹਾ ਕਿ ਦੇਸ਼ ਦੇ 17 ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਵਿਚ ਪਿਛਲੇ 28 ਦਿਨਾਂ ਵਿਚ ਲਾਗ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ।

ਸੋਮਵਾਰ ਨੂੰ ਅਜਿਹੇ ਜ਼ਿਲ੍ਹਿਆਂ ਦੀ ਗਿਣਤੀ 16 ਸੀ। ਉਨ੍ਹਾਂ ਕਿਹਾ ਕਿ 25 ਅਪ੍ਰੈਲ ਮਗਰੋਂ ਇਸ ਸੂਚੀ ਵਿਚ ਦੋ ਜ਼ਿਲ੍ਹੇ ਜੁੜੇ ਹਨ ਜਦਕਿ ਬਿਹਾਰ ਦਾ ਲਖੀਸਰਾਏ ਜ਼ਿਲ੍ਹਾ ਪੀੜਤ ਮਰੀਜ਼ ਮਿਲਣ ਕਾਰਨ ਸੂਚੀ ਵਿਚੋਂ ਬਾਹਰ ਹੋ ਗਿਆ ਹੈ।  (ਏਜੰਸੀ)