ਦਿੱਲੀ ਵਿਧਾਨ ਸਭਾ ਬਾਹਰ ਕਾਂਗਰਸ ਤੇ ਭਾਜਪਾ ਦਾ ਪ੍ਰਦਰਸ਼ਨ, ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ।

Congress Protest Against AAP

ਨਵੀਂ ਦਿੱਲੀ : ਅੱਜ ਕਾਂਗਰਸ ਨੇ ਕੇਜਰੀਵਾਲ ਸਰਕਾਰ ਖ਼ਿਲਾਫ਼ ਦਿੱਲੀ ਵਿਧਾਨ ਸਭਾ ਕੋਲ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਵੀ ਤੈਨਾਤ ਸੀ। ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਵਰਕਰਾਂ (Congress Worker) ਦੀ ਪੁਲਿਸ ਨਾਲ ਝੜਪ ਵੀ ਹੋਈ ਸੀ।

ਕਾਂਗਰਸ ਦਾ ਦੋਸ਼ ਹੈ ਕਿ ਦਿੱਲੀ 'ਚ ਕੋਰੋਨਾ ਮਹਾਮਾਰੀ 'ਚ ਕੇਜਰੀਵਾਲ ਸਰਕਾਰ ਨੇ ਮੈਨੇਜਮੈਂਟ ਠੀਕ ਤਰੀਕੇ ਨਾਲ ਨਹੀਂ ਕੀਤਾ ਜਿਸ ਕਾਰਨ ਬਹੁਤੇ ਮਰੀਜ਼ਾਂ ਦੀ ਅਣਮਿੱਥੇ ਸਮੇਂ ਮੌਤ ਹੋਈ। ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਲਾਪਰਵਾਹੀ ਵਰਤੀ ਹੈ ਇਸ ਕਾਰਨ ਕਈ ਲੋਕਾਂ ਦੀ ਜਾਨ ਵੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਦਰਅਸਲ, ਅੱਜ ਤੋਂ ਦਿੱਲੀ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਵਿਧਾਨ ਸਭਾ 'ਚ ਕਾਂਗਰਸ ਕੋਲ ਕੋਈ ਵੀ ਵਿਧਾਇਕ ਨਹੀਂ ਹੈ। ਅਜਿਹੇ 'ਚ ਸਰਕਾਰ ਨੂੰ ਘੇਰਨ ਲਈ ਕਾਂਗਰਸ ਵਰਕਰ ਸੜਕਾਂ 'ਤੇ ਉਤਰੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਦੇ ਨਾਲ ਹੀ ਭਾਜਪਾ ਨੇ ਵੀ ਦਿੱਲੀ ਵਿਧਾਨ ਸਭਾ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਭਾਜਪਾ ਵਰਕਰ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ। ਭਾਜਪਾ ਦਾ ਦੋਸ਼ ਹੈ ਕਿ ਦਿੱਲੀ ਸਰਕਾਰ ਦਿੱਲੀਵਾਸੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਤੇ ਭ੍ਰਿਸ਼ਟਾਚਾਰ ਰੋਕਣ 'ਚ ਫੇਲ੍ਹ ਰਹੀ ਹੈ।