ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਕੱਟਿਆ 550 ਕਿਲੋ ਦਾ ਕੇਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮੁੱਚੇ ਵਿਸ਼ਵ ਵਿਚ ਸਮਾਗਮ ਕੀਤੇ ਜਾ ਰਹੇ ਹਨ।

birth anniversary of Guru Nanak

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮੁੱਚੇ ਵਿਸ਼ਵ ਵਿਚ ਸਮਾਗਮ ਕੀਤੇ ਜਾ ਰਹੇ ਹਨ। ਲਾਈਟ ਐਂਡ ਸਾਊਂਡ ਪ੍ਰੋਗਰਾਮ ਕੀਤੇ ਜਾ ਰਹੇ ਹਨ, ਨਗਰ ਕੀਰਤਨ ਸਜਾਏ ਜਾ ਰਹੇ ਹਨ ਤਾਂ ਜੋ ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸੇ ਤਹਿਤ ਦਿੱਲੀ ਦੇ ਗੁਰਦੁਆਰਾ ਸ੍ਰੀ ਨਾਨਕ ਪਿਆਓ ਸਾਹਿਬ ਵਿਖੇ ਬਾਬੇ ਨਾਨਕ ਦੇ ਜਨਮ ਦਿਹਾੜੇ ਦੇ ਸਬੰਧ ਵਿਚ 550 ਕਿਲੋ ਦਾ ਕੇਕ ਬਣਾਇਆ ਗਿਆ। ਸੋਸ਼ਲ ਮੀਡੀਆ ’ਤੇ ਇਸ ਕੇਕ ਦੀ ਵੀਡੀਓ ਕਾਫ਼ੀ ਫੈਲ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਕੇਕ ਸ੍ਰੀ ਨਨਕਾਣਾ ਸਾਹਿਬ ਨੂੰ ਨਗਰ ਕੀਰਤਨ ਰਵਾਨਾ ਹੋਣ ਮੌਕੇ ਕੱਟਿਆ ਗਿਆ। ਸਾਢੇ 5 ਕੁਇੰਟਲ ਦੇ ਇਸ ਕੇਕ ਨੂੰ ਗੁਰਦੁਆਰਾ ਸ੍ਰੀ ਨਾਨਕ ਪਿਆਓ ਸਾਹਿਬ ਵਿਖੇ ਪੁੱਜੀਆਂ ਸੰਗਤਾਂ ਵਿਚ ਵੰਡ ਦਿੱਤਾ ਗਿਆ। ਪਿਛਲੇ ਸਾਲ ਦਿੱਲੀ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 101 ਕਿਲੋ ਦਾ ਕੇਕ ਕੱਟਿਆ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਬੀਤੇ ਦਿਨ ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅਪਣੇ ਜਹਾਜ਼ਾਂ ਦੀਆਂ ਟੇਲਾਂ 'ਤੇ ਏਕ ਓਂਕਾਰ ਦੇ ਚਿੰਨ੍ਹ ਅੰਕਿਤ ਕੀਤੇ ਹਨ। ਜਿਸ ਦੀ ਸਮੂਹ ਸਿੱਖ ਭਾਈਚਾਰੇ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਾਬੇ ਨਾਨਕ ਵੱਲੋਂ ਦਿੱਤੇ ਗਏ ਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ’ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਕੀਤੇ ਜਾ ਰਹੇ ਹਨ। ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਭਾਰਤ ਵਿਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ ਅਤੇ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਵਿਖੇ ਵੀ ਵੱਡੇ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ ਅਤੇ ਪਾਕਿਸਤਾਨ ਸਰਕਾਰ ਵੱਲੋਂ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਤਾਂ ਜੋ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।