ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਅਖਿਲੇਸ਼ ਯਾਦਵ ਦਾ ਚੜ੍ਹਿਆ ਪਾਰਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ,ਪੈਟਰੋਲੀਅਮ ਮੰਤਰਾਲਾ ਕੀਤਾ ਜਾਵੇ ਭੰਗ

Akhilesh Yadav

ਲਖਨਊ : ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਵਧਦੀ ਮਹਿੰਗਾਈ ਨੂੰ ਲੈ ਕੇ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਜੇਕਰ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ 'ਤੇ ਕੰਟਰੋਲ ਨਹੀਂ ਹੈ ਤਾਂ ਪੈਟਰੋਲੀਅਮ ਮੰਤਰਾਲੇ ਨੂੰ ਭੰਗ ਕਰ ਦੇਣਾ ਚਾਹੀਦਾ ਹੈ।

ਉਨ੍ਹਾਂ ਟਵੀਟ ਕਰ ਕੇ ਕਿਹਾ- ਭਾਜਪਾ ਸਰਕਾਰ ਜਿਸ ਤਰ੍ਹਾਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਜਨਤਾ ਨੂੰ '35' ਦਾ ਪਹਾੜਾ ਪੜ੍ਹਾ ਰਹੀ ਹੈ। ਜੇਕਰ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ 'ਤੇ ਕੋਈ ਕੰਟਰੋਲ ਨਹੀਂ ਹੈ ਤਾਂ ਪੈਟਰੋਲੀਅਮ ਮੰਤਰਾਲੇ ਨੂੰ ਭੰਗ ਕਰ ਦੇਣਾ ਚਾਹੀਦਾ ਹੈ।

ਅਖਿਲੇਸ਼ ਨੇ ਇਸ ਤੋਂ ਪਹਿਲਾਂ ਆਜ਼ਮਗੜ੍ਹ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਤੋਂ ਬਾਅਦ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਭਾਜਪਾ 'ਤੇ ਹਮਲਾ ਬੋਲਿਆ ਸੀ। ਇੱਥੇ ਵੀ ਅਖਿਲੇਸ਼ ਨੇ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਖੁਦ ਮਾੜੇ ਨੰਬਰਾਂ ਨਾਲ ਫ਼ੇਲ੍ਹ ਹੋਈ ਹੈ, ਉਹ ਚੰਗੇ ਨੰਬਰਾਂ ਨਾਲ ਪਾਸ ਹੋਣ ਵਾਲਿਆਂ ਦਾ ਕੀ ਸਨਮਾਨ ਕਰੇਗੀ। ਇੱਥੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਪਾ ਸੁਪਰੀਮੋ ਨੇ ਕਿਹਾ ਕਿ ਆਜ਼ਮਗੜ੍ਹ ਸਮਾਜਵਾਦੀ ਲੋਕਾਂ ਦਾ ਗੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਵਿਧਾਨ ਸਭਾ ਚੋਣ ਵਿਚ ਅਜਿਹਾ ਕੁਝ ਹੋਵੇਗਾ, ਜਿਸ ਦੀ ਭਾਜਪਾ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਦਾ ਸਫਾਇਆ ਤੈਅ ਹੈ, ਕਿਉਂਕਿ ਇਨ੍ਹਾਂ ਨੇ ਲੋਕਾਂ ਦਾ ਰੁਜ਼ਗਾਰ ਖੋਹ ਲਿਆ ਹੈ।