ਕਿਸਾਨੀ ਸੰਘਰਸ਼ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ'

ਏਜੰਸੀ

ਖ਼ਬਰਾਂ, ਰਾਸ਼ਟਰੀ

ਐਤਵਾਰ ਸਵੇਰੇ 11 ਵਜੇ ਦੇਸ਼ਵਾਸੀਆਂ ਨੂੰ ਸੰਬੋਧਨ ਕਰਨਗੇ ਪੀਐਮ 

Narendra Modi

ਨਵੀਂ ਦਿੱਲੀ: ਕਿਸਾਨਾਂ ਦੇ 'ਦਿੱਲੀ ਚਲੋ' ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਅਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਜ਼ਰੀਏ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਪੀਐਮ ਮੋਦੀ ਕਈ ਅਹਿਮ ਮੁੱਦਿਆਂ 'ਤੇ ਦੇਸ਼ ਤੇ ਵਿਦੇਸ਼ ਦੀ ਜਨਤਾ ਨਾਲ ਅਪਣੇ ਵਿਚਾਰ ਸਾਂਝੇ ਕਰ ਸਕਦੇ ਹਨ। 

ਪੀਐਮ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਪੀਐਮ ਮੋਦੀ ਕਿਸਾਨੀ ਮੁੱਦੇ 'ਤੇ ਅਪਣੇ ਵਿਚਾਰ ਸਾਂਝੇ ਕਰ ਸਕਦੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੋਰੋਨਾ ਵੈਕਸੀਨ ਨੂੰ ਲੈ ਕੇ ਵੀ ਕੋਈ ਜਾਣਕਾਰੀ ਸਾਂਝੀ ਕਰ ਸਕਦੇ ਹਨ। 

ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਵਿਰੋਧੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਵੀ ਕੇਂਦਰ ਸਰਕਾਰ ਇਹਨਾਂ ਕਾਨੂੰਨਾਂ ਨੂੰ ਵਾਪਸ ਲੈਣ ਲਈ ਤਿਆਰ ਨਹੀਂ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 'ਦਿੱਲੀ ਚਲੋ' ਪ੍ਰੋਗਰਾਮ ਦਾ ਐਲਾਨ ਕੀਤਾ। 

ਬੀਤੇ ਦਿਨੀਂ ਪੰਜਾਬ ਦੇ ਕਿਸਾਨਾਂ ਨੇ ਸ਼ਾਂਤਮਈ ਪ੍ਰਦਰਸ਼ਨ ਲਈ ਦਿੱਲੀ ਵੱਲ ਨੂੰ ਕੂਚ ਕੀਤਾ ਤੇ ਹੁਣ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਫਿਲਹਾਲ ਕਿਸਾਨਾਂ ਦੇ ਸੰਘਰਸ਼ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਦੇ ਚਲਦਿਆਂ ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।