Stampede in Mahakumbh: ਮਹਾਂਕੁੰਭ ’ਚ ਭਾਜੜ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਹੋਵੇ ਕਾਰਵਾਈ; ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ
Stampede in Mahakumbh: ਸ਼ਰਧਾਲੂਆਂ ਦੀ ਸੁਰੱਖਿਆ ਉਪਾਅ ਤੇ ਦਿਸ਼ਾ-ਨਿਰਦੇਸ਼ ਲਾਗੂ ਕਰਨ ਦੀ ਕੀਤੀ ਮੰਗ
Stampede in Mahakumbh: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਬੁਧਵਾਰ ਤੜਕੇ ਮਹਾਕੁੰਭ ਦੌਰਾਨ ਮਚੀ ਭਾਜੜ ਵਿਚ 30 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੁਪਰੀਮ ਕੋਰਟ ਵਿਚ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਉਪਾਅ ਅਤੇ ਦਿਸ਼ਾ-ਨਿਰਦੇਸ਼ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਦਸਣਯੋਗ ਹੈ ਕਿ ਇਸ ਹਾਦਸੇ ’ਚ 60 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਵਕੀਲ ਵਿਸ਼ਾਲ ਤਿਵਾਰੀ ਦੁਆਰਾ ਦਾਇਰ ਪਟੀਸ਼ਨ ਵਿਚ ਸਾਰੇ ਰਾਜਾਂ ਨੂੰ ਪ੍ਰਯਾਗਰਾਜ ਵਿਚ ਉਨ੍ਹਾਂ ਦੇ ਸੁਵਿਧਾ ਕੇਂਦਰਾਂ ਵਿਚ ਸ਼ਰਧਾਲੂਆਂ ਨੂੰ ਸੁਰੱਖਿਆ ਉਪਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਮੁਢਲੀ ਜਾਣਕਾਰੀ ਪ੍ਰਦਾਨ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਸ਼ਰਧਾਲੂਆਂ ਲਈ ਹੋਰ ਭਾਸ਼ਾਵਾਂ ਵਿਚ ਐਲਾਨ, ਦਿਸ਼ਾਵਾਂ ਅਤੇ ਸੜਕਾਂ ਨੂੰ ਦਰਸ਼ਾਉਂਦੇ ਡਿਸਪਲੇ ਬੋਰਡ ਲਗਾਏ ਜਾਣ, ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਆਸਾਨੀ ਨਾਲ ਸਹਾਇਤਾ ਮਿਲ ਸਕੇ ਅਤੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਾਰੀਆਂ ਰਾਜ ਸਰਕਾਰਾਂ, ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰ ਕੇ, ਪ੍ਰਯਾਗਰਾਜ ਮਹਾਕੁੰਭ ਵਿਚ ਮੈਡੀਕਲ ਐਮਰਜੈਂਸੀ ਦੇ ਸਮੇਂ ਡਾਕਟਰਾਂ ਅਤੇ ਨਰਸਾਂ ਦੀਆਂ ਛੋਟੀਆਂ ਮੈਡੀਕਲ ਟੀਮਾਂ ਨੂੰ ਤਾਇਨਾਤ ਕਰਨ ਤਾਂ ਜੋ ਮੈਡੀਕਲ ਸਟਾਫ਼ ਦੀ ਕੋਈ ਕਮੀ ਨਾ ਹੋਵੇ।
ਮਹੱਤਵਪੂਰਨ ਗੱਲ ਇਹ ਹੈ ਕਿ ਪਟੀਸ਼ਨ ਵਿਚ ਉਨ੍ਹਾਂ ਅਧਿਕਾਰੀਆਂ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ, ਜਿਨ੍ਹਾਂ ਦੀ ਲਾਪਰਵਾਹੀ ਕਾਰਨ ਭਾਜੜ ਮੱਚ ਗਈ ਸੀ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ, “ਉੱਤਰ ਪ੍ਰਦੇਸ਼ ਸਰਕਾਰ ਨੂੰ 29 ਜਨਵਰੀ, 2025 ਨੂੰ ਮਹਾਕੁੰਭ ਵਿਚ ਹੋਈ ਭਾਜੜ ਦੀ ਸਥਿਤੀ ਬਾਰੇ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿਤੇ ਜਾਣ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇ।’’