Weather Update: ਮੁੜ ਵਧੇਗੀ ਠੰਢ, ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਨਾਲ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Weather Update: ਫ਼ਿਲਹਾਲ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸਰਦੀ ਵਿੱਚ ਕਮੀ ਆਈ ਹੈ। ਘੱਟੋ-ਘੱਟ ਤਾਪਮਾਨ ਵਧਿਆ ਹੈ।

Weather Update News in punjabi

Weather Update News in punjabi : ਪੱਛਮੀ ਹਿਮਾਲਿਆ ਖੇਤਰ ਵਿਚ ਇੱਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 1 ਫ਼ਰਵਰੀ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਦੋਵਾਂ ਦੇ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਮਿਜਾਜ਼ ਬਦਲ ਜਾਵੇਗਾ। ਆਈਐਮਡੀ ਦਾ ਅਨੁਮਾਨ ਹੈ ਕਿ ਬਦਲਦੇ ਮੌਸਮ ਦੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਕਈ ਸੂਬਿਆਂ 'ਚ ਠੰਢ ਵੀ ਵਧੇਗੀ। ਫ਼ਿਲਹਾਲ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਸਰਦੀ ਵਿੱਚ ਕਮੀ ਆਈ ਹੈ। ਘੱਟੋ-ਘੱਟ ਤਾਪਮਾਨ ਵਧਿਆ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਿਨ ਵੇਲੇ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਇਆ ਹੈ। ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।  ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਦਿੱਲੀ 'ਚ ਕਈ ਖੇਤਰਾਂ ਵਿੱਚ ਬੱਦਲਵਾਈ ਵੀ ਹੋ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਘੱਟੋ-ਘੱਟ ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਸੈਲਸੀਅਸ ਹੋ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਦੱਖਣ-ਪੂਰਬ ਤੋਂ ਹਵਾ ਦੀ ਰਫ਼ਤਾਰ ਦੁਪਹਿਰ ਸਮੇਂ ਹੌਲੀ-ਹੌਲੀ 8 ਤੋਂ 10 ਕਿਲੋਮੀਟਰ ਪ੍ਰਤੀ ਘੰਟਾ ਅਤੇ ਸ਼ਾਮ ਅਤੇ ਰਾਤ ਨੂੰ ਚਾਰ ਕਿਲੋਮੀਟਰ ਪ੍ਰਤੀ ਘੰਟਾ ਤੋਂ ਘੱਟ ਹੋਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬੁੱਧਵਾਰ ਦੁਪਹਿਰ ਨੂੰ ਆਸਮਾਨ ਸਾਫ ਰਿਹਾ ਅਤੇ ਧੁੱਪ ਛਾਈ ਰਹੀ। ਵੱਧ ਤੋਂ ਵੱਧ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.4 ਡਿਗਰੀ ਵੱਧ ਹੈ। 

ਰਾਜਸਥਾਨ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਫ਼ਿਲਹਾਲ ਮੌਸਮ ਕਠੋਰ ਰਹੇਗਾ। ਆਈਐਮਡੀ ਦਾ ਅਨੁਮਾਨ ਹੈ ਕਿ ਅੱਜ ਕਈ ਖੇਤਰਾਂ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਬੱਦਲਾਂ ਕਾਰਨ ਤਾਪਮਾਨ ਦੋ ਤੋਂ ਚਾਰ ਡਿਗਰੀ ਵੱਧ ਗਿਆ ਹੈ। ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ 3 ਫ਼ਰਵਰੀ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫ਼ਰਾਬਾਦ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।

ਇਸ ਦੌਰਾਨ 31 ਜਨਵਰੀ ਤੋਂ 3 ਫ਼ਰਵਰੀ ਦਰਮਿਆਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਰਿਪੋਰਟ ਮੁਤਾਬਕ 1 ਫ਼ਰਵਰੀ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਹਿਮਾਲਿਆ ਵਿੱਚ 3 ਅਤੇ 4 ਫ਼ਰਵਰੀ ਨੂੰ ਭਾਰੀ ਮੀਂਹ ਅਤੇ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਹੈ। 3 ਅਤੇ 4 ਫ਼ਰਵਰੀ ਦੌਰਾਨ ਪੰਜਾਬ, ਗੁਜਰਾਤ, ਉੱਤਰੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।