ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ’ਤੇ ਗ੍ਰਹਿ ਮੰਤਰਾਲੇ ਨੇ ਅਜੇ ਨਹੀਂ ਲਿਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕੀਤਾ ਹੈ।

Balwant Singh Rajoana

 

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿਚ ਤਬਦੀਲੀ ਦੀ ਅਰਜ਼ੀ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕੀਤਾ ਹੈ।

ਕੇਂਦਰ ਨੇ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤਾਂ ਅਤੇ ਅੰਦਰੂਨੀ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਅਜੇ ਅਰਜ਼ੀ 'ਤੇ ਫੈਸਲਾ ਨਹੀਂ ਕੀਤਾ ਹੈ। ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੇ ਗ੍ਰਹਿ ਮੰਤਰਾਲੇ ਨੂੰ ਇਨਪੁਟ 'ਚ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਨਾ ਲਿਆ ਜਾਵੇ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 10 ਅਕਤੂਬਰ ਨੂੰ ਕਰ ਸਕਦੀ ਹੈ।

ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ ਸਰਕਾਰ ਵਲੋਂ ਹੁਣ ਤਕ ਕੋਈ ਫ਼ੈਸਲਾ ਨਾ ਲੈਣ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਅਦਾਲਤ ਨੇ ਕਿਹਾ ਸੀ ਕਿ 2 ਮਈ ਦੇ ਹੁਕਮਾਂ ਮੁਤਾਬਕ ਫੈਸਲਾ ਲੈਣ ਲਈ ਦਿੱਤੀ ਗਈ ਦੋ ਮਹੀਨਿਆਂ ਦੀ ਸਮਾਂ ਸੀਮਾ ਖਤਮ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸਰਕਾਰ ਭਾਵੇਂ ਕੋਈ ਵੀ ਫੈਸਲਾ ਲੈ ਲਵੇ ਪਰ ਇਸ 'ਤੇ ਫੈਸਲਾ ਜਲਦ ਲੈਣਾ ਹੋਵੇਗਾ।