ਮੌਲਾਨਾ ਰਿਜ਼ਵੀ ਨੇ ਫਿਰ ਬਾਬੇ ਨਾਨਕ ਅਤੇ ਕਰਤਾਰਪੁਰ ਸਾਹਿਬ ਬਾਰੇ ਉਗਲਿਆ ਜ਼ਹਿਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿਰਸਾ ਨੇ ਗ੍ਰਹਿ ਮੰਤਰੀ, ਵਿਦੇਸ਼ ਮੰਤਰੀ ਤੇ ਸੰਯੁਕਤ ਰਾਸ਼ਟਰ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

Kartarpur Sahib

ਨਵੀਂ ਦਿੱਲੀ (ਸੁਖਰਾਜ ਸਿੰਘ): ਪਾਕਿਸਤਾਨ ਦੇ ਮੌਲਵੀ ਕਦਮੀ ਹੁਸੈਨ ਰਿਜ਼ਵੀ ਨੇ ਮੁੜ ਗੁਰੂ ਨਾਨਕ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਜ਼ਹਿਰ ਉਗਲਿਆ ਹੈ। ਇਸ ਮਾਮਲੇ ਵਿਚ  ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਤੋਂ ਦਖ਼ਲ ਦੀ ਮੰਗ ਕੀਤੀ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਲਿਖੇ ਵੱਖ-ਵੱਖ ਪੱਤਰਾਂ 'ਚ ਸ. ਸਿਰਸਾ ਨੇ ਦਸਿਆ ਕਿ ਪਾਕਿਸਤਾਨ ਦੇ ਮੌਲਾਨਾ ਕਦੀਮ ਹੁਸੈਨ ਰਿਜ਼ਵੀ ਨੇ ਕਰਤਾਰਪੁਰ ਸਾਹਿਬ ਪ੍ਰਤੀ ਮੰਦੀ ਭਾਸ਼ਾ ਵਰਤ ਕੇ ਅਪਣੀ ਗੰਦੀ ਮਾਨਸਿਕਤਾ ਨੂੰ ਦਰਸਾਇਆ ਹੈ।

ਉਨ੍ਹਾਂ ਕਿਹਾ ਕਿ ਅਸੀ ਗ੍ਰਹਿ ਮੰਤਰੀ ਤੇ ਵਿਦੇਸ਼ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਚੁਕਿਆ ਜਾਵੇ, ਕਿਉਂਕਿ ਇਸ ਵਿਅਕਤੀ ਨੇ ਸੰਸਾਰ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਤੇ ਇਸ ਨੇ ਪਹਿਲਾਂ ਵੀ ਗੁਰੂ ਸਾਹਿਬ ਵਿਰੁਧ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਤੇ ਹੁਣ ਇਹ ਮਾਮਲਾ ਪਾਕਿਸਤਾਨ ਕੋਲ ਉਠਾ ਕੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਇਸ ਵਿਰੁਧ ਮੁਕੱਦਮਾ ਦਰਜ ਹੋਵੇ ਤੇ ਪੁਲਿਸ ਇਸ ਵਿਰੁਧ ਕਾਨੂੰਨੀ ਕਾਰਵਾਈ ਕਰੇ।

ਸ. ਸਿਰਸਾ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਿਜ਼ਵੀ ਦੀ ਸ਼ਬਦਾਵਲੀ ਦਾ ਨੋਟਿਸ ਲੈਣ ਅਤੇ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਉਸ ਨੇ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਜ਼ਵੀ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਕਿ ਸਾਰੇ ਕੱਟੜ ਵਿਅਕਤੀਆਂ ਤੇ ਦੁਨੀਆਂ ਵਿਚ ਨਫ਼ਰਤ ਫੈਲਾਉਣ ਵਾਲਿਆਂ ਲਈ ਇਕ ਮਿਸਾਲ ਬਣੇ।

ਦਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਵੀ ਮੌਲਵੀ ਰਿਜ਼ਵੀ ਨੇ ਗੁਰੂ ਨਾਨਕ ਸਾਹਿਬ ਅਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਤੇ ਸ੍ਰੀ ਗੁਰਦਵਾਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਉਣ ਦੀ ਵੀ ਆਲੋਚਨਾ ਕੀਤੀ ਸੀ। ਉਦੋਂ ਵੀ ਸ. ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਉਨ੍ਹਾਂ ਵਿਰੁਧ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।