ਕਿਸਾਨ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਮੀਟਿੰਗ, ਨਿਕਲੇਗਾ ਨਤੀਜਾ ਜਾਂ ਜਾਰੀ ਰਹੇਗਾ ਅੰਦੋਲਨ ?
ਗੱਲਬਾਤ ਹੋਣ ਤੋਂ ਪਹਿਲਾਂ ਦੋਵਾਂ ਹੀ ਪੱਖਾਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਆਪਣੇ ਸਟੈਂਡ 'ਤੇ ਕਾਇਮ ਹਨ।
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਹੋਵੇਗੀ। ਇਹ ਬੈਠਕ ਦੁਪਹਿਰ 2 ਵਜੇ ਤੋਂ ਵਿਗਿਆਨ ਭਵਨ 'ਚ ਹੋਵੇਗੀ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ ਅਤੇ ਐਮ.ਐਸ.ਪੀ. ’ਤੇ ਕਾਨੂੰਨੀ ਗਰੰਟੀ ਦੇਣ ਦੀ ਮੰਗ ਕਰ ਰਹੇ ਹਨ। ਅੱਜ ਦਿੱਲੀ ਦੀ ਸਿੰਘੂ ਹੱਦ 'ਤੇ ਕਿਸਾਨ ਅੰਦੋਲਨ ਦਾ 34 ਵਾਂ ਦਿਨ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਗੱਲਬਾਤ ਹੋਣ ਤੋਂ ਪਹਿਲਾਂ ਦੋਵਾਂ ਹੀ ਪੱਖਾਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਆਪਣੇ ਸਟੈਂਡ 'ਤੇ ਕਾਇਮ ਹਨ। ਅਜਿਹੇ 'ਚ ਅੱਜ ਦੀ ਬੈਠਕ ਕਾਫੀ ਮਹੱਵਪੂਰਨ ਮੰਨੀ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਗੱਲਬਾਤ ਦੇ ਇਸ ਛੇਵੇਂ ਦੌਰ ਵਿਚ ਕੋਈ ਹੱਲ ਲੱਭਿਆ ਜਾ ਸਕਦਾ ਹੈ ਅਤੇ ਕਿਸਾਨ ਆਪਣਾ ਅੰਦੋਲਨ ਖ਼ਤਮ ਕਰਨ ਲਈ ਸਹਿਮਤ ਹੋਣਗੇ ਪਰ ਅੰਦੋਲਨਕਾਰੀ ਕਿਸਾਨ ਸੰਗਠਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਹੋਏ ਹਨ।
ਜਿਕਰਯੋਗ ਹੈ ਕਿ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਯੂਸ਼ ਗੋਇਲ ਨੇ ਕੇਂਦਰ ਅਤੇ ਕਿਸਾਨਾਂ ਦਰਮਿਆਨ ਛੇਵੇਂ ਦੌਰ ਦੀ ਗੱਲਬਾਤ ਦੇ ਇੱਕ ਦਿਨ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਮੰਤਰੀਆਂ ਨੇ ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਗੱਲਬਾਤ ਵਿੱਚ ਸਰਕਾਰ ਦੇ ਰੁਖ ਬਾਰੇ ਵਿਚਾਰ ਵਟਾਂਦਰੇ ਕੀਤੇ। ਖੇਤੀਬਾੜੀ ਮੰਤਰੀ ਤੋਮਰ, ਖੁਰਾਕ ਅਤੇ ਖਪਤਕਾਰ ਮਾਮਲੇ ਮੰਤਰੀ ਗੋਇਲ ਅਤੇ ਵਪਾਰ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕਿਸਾਨਾਂ ਨਾਲ ਗੱਲਬਾਤ ਵਿੱਚ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਹਨ।
ਬੀਤੇ ਦਿਨੀ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਤਾਜ਼ਾ ਚਿੱਠੀ ਲਿਖ ਕੇ ਅੱਜ ਹੋਣ ਵਾਲੀ ਵਾਰਤਾ ਦਾ ਨਿਓਤਾ ਸਵੀਕਾਰ ਕਰਨ ਦੀ ਜਾਣਕਾਰੀ ਦਿੱਤੀ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ 'ਤੇ ਕਾਨੂੰਨ ਬਣਾਉਣ ਦੀ ਆਪਣੀ ਮੰਗ ਦੁਹਰਾਈ।