CAA ਜ਼ਰੀਏ ਵੀ ਦਿਤੀ ਜਾ ਸਕਦੀ ਹੈ ਪਾਕਿ ਮੁਸਲਮਾਨਾਂ ਨੂੰ ਭਾਰਤੀ ਨਾਗਰਿਕਤਾ : ਰਾਜਨਾਥ ਸਿੰਘ
5 ਤੋਂ 6 ਸਾਲ 'ਚ 600 ਪਾਕਿ ਨਾਗਰਿਕਾਂ ਨੂੰ ਮਿਲੀ ਭਾਰਤੀ ਨਾਗਕਿਰਤਾ
ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਪੈ ਰਹੇ ਹੋ-ਹੱਲੇ ਦਰਮਿਆਨ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੇਕਰ ਕੋਈ ਮੁਸਲਮਾਨ ਭਰਾ ਪਾਕਿਸਤਾਨ ਤੋਂ ਆ ਕੇ ਭਾਰਤ 'ਚ ਰੁਕਣਾ ਚਾਹੁੰਦਾ ਹੈ ਤਾਂ ਉਸ ਲਈ ਵੀ ਨਾਗਰਿਕਤਾ ਸੋਧ ਕਾਨੂੰਨ 'ਚ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 5 ਤੋਂ 6 ਸਾਲ ਦਰਮਿਆਨ ਸਰਕਾਰ ਨੇ 600 ਪਾਕਿਸਤਾਨੀਆਂ ਨੂੰ ਭਾਰਤ ਦੀ ਨਾਗਕਿਰਤਾ ਦਿਤੀ ਗਈ ਹੈ।
ਰੱਖਿਆ ਮੰਤਰੀ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਅੰਦਰ, ਖ਼ਾਸ ਕਰ ਕੇ ਦਿੱਲੀ ਵਿਖੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਰੋਸ ਮੁਜ਼ਾਹਰੇ ਹੋ ਰਹੇ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਕੁੱਝ ਲੋਕਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਹਿੰਸਾ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਾਬਲੇਗੌਰ ਹੈ ਕਿ ਵੀਰਵਾਰ ਨੂੰ ਵੀ ਪੂਨਾ ਦੇ ਸਰਸਬਾਗ 'ਚ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਪੀਆਰ ਖਿਲਾਫ਼ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਦਿੱਲੀ ਦੇ ਸ਼ਾਹੀਨ ਬਾਗ਼ ਵਿਖੇ ਨਾਗਰਿਕਤਾ ਸੋਧ ਕਾਨੂੰਨ ਵਿਰੁਧ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਦਾ ਸਿਲਸਿਲਾ ਵੀ ਜਾਰੀ ਹੈ।
ਇਸ ਤੋਂ ਇਲਾਵਾ ਦੇਸ਼ ਦੇ ਦੂਜੇ ਹਿੱਸਿਆਂ ਵਿਚੋਂ ਵੀ ਵਿਰੋਧ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੂਜੇ ਪਾਸੇ ਦੇਸ਼ ਦੇ ਜ਼ਿਆਦਾ ਹਿੱਸਿਆਂ ਵਿਚ ਹੁਣ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਪੀਆਰ ਦੇ ਹੱਕ ਵਿਚ ਵੀ ਰੈਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਨ੍ਹਾਂ ਰੈਲੀਆਂ ਨੂੰ ਵੀ ਲੋਕਾਂ ਦੀ ਵੱਡਾ ਸਮਰਥਨ ਮਿਲ ਰਿਹਾ ਹੈ।