ਸੁਖਬੀਰ ਬਾਦਲ ਨੂੰ ਗਾਜ਼ੀਪੁਰ ਬਾਰਡਰ ਖਿੱਚ ਲਿਆਏ ਰਾਕੇਸ਼ ਟਿਕੈਤ ਦੇ ਹੰਝੂ, ਸਿਰੋਪਾਓ ਨਾਲ ਕੀਤਾ ਸਨਮਾਨਿਤ
ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦੀ ਲੜਾਈ ਲੜਨੀ ਚਾਹੀਦੀ ਹੈ- ਸੁਖਬੀਰ ਬਾਦਲ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕਰਨ ਗਾਜ਼ੀਪੁਰ ਬਾਰਡਰ ਪਹੁੰਚੇ। ਸੁਖਬੀਰ ਬਾਦਲ ਨੇ ਰਾਕੇਸ਼ ਟਿਕੈਤ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਰਾਕੇਸ਼ ਟਿਕੈਤ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਹੋਇਆ ਜਲ ਵੀ ਛਕਾਇਆ
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ ਵਿਚ ਆਉਣਾ ਚਾਹੀਦਾ ਹੈI ਜਦੋਂ ਤੱਕ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਸਾਰੇ ਦੇਸ਼ ਦੇ ਕਿਸਾਨ ਇਸ ਮੁੱਦੇ ‘ਤੇ ਇਕੱਠੇ ਹਨ।
ਸੁਖ਼ਬੀਰ ਬਾਦਲ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਰਾਕੇਸ਼ ਟਿਕੈਤ ਦੇ ਪਿਤਾ ਮਹਿੰਦਰ ਸਿੰਘ ਟਿਕੈਤ ਦੋਵਾਂ ਨੇ ਮਿਲ ਕੇ ਕਿਸਾਨੀ ਹਿੱਤਾਂ ਲਈ ਅਪਣਾ ਸਭ ਕੁਝ ਦਾਅ 'ਤੇ ਲਾਇਆ ਹੈ।
ਉਹਨਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਮੰਨ ਦੀ ਗੱਲ਼ ਸੁਣਨੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਵੀ ਮੌਜੂਦ ਸਨ।