ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਹਰਮੀਤ ਕਾਲਕਾ ਨੇ ਅਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਹੈ।
Tweet
ਉਹਨਾਂ ਦਾ ਕਹਿਣਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸੰਗਤਾਂ ਨੇ ਉਹਨਾਂ ਨੂੰ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ ਹੈ। ਇਸ ਲਈ ਉਹਨਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਸੇਵਾ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਨਿਭਾਉਣ। ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
Photo
ਹਰਮੀਤ ਸਿੰਘ ਕਾਲਕਾ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ ਕਿ ਪਿਆਰ ਅਤੇ ਸਹਿਯੋਗ ਲਈ ਦਿੱਲੀ ਦੀ ਸੰਗਤ ਦਾ ਧੰਨਵਾਦ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਅਕਾਲ ਪੁਰਖ ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਅਸੀਂ ਮਨੁੱਖਤਾ ਅਤੇ ਪੰਥ ਦੀ ਸੇਵਾ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ।