ਕੇਜਰੀਵਾਲ ਦੇ ਘਰ 'ਤੇ ਹੋਏ ਹਮਲੇ ਦਾ ਮਾਮਲਾ: ਅੱਠ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

AAP ਨੇ ਹਮਲੇ ਦੀ ਜਾਂਚ ਲਈ SIT ਦੇ ਗਠਨ ਦੀ ਕੀਤੀ ਮੰਗ

8 arrested for vandalising CM Arvind Kejriwal's residence; AAP moves Delhi HC for SIT probe

 

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੀ ਭੰਨਤੋੜ ਕਰਨ ਦੇ ਦੋਸ਼ ਵਿਚ ਦਿੱਲੀ ਪੁਲਿਸ ਨੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਦਿੱਲੀ ਤੋਂ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹ ਗਿਣਤੀ ਹੋਰ ਵਧ ਸਕਦੀ ਹੈ। ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਦੇ ਵਰਕਰਾਂ ਨੇ ਫਿਲਮ 'ਦਿ ਕਸ਼ਮੀਰ ਫਾਈਲਜ਼' ਬਾਰੇ ਕੇਜਰੀਵਾਲ ਦੀ ਟਿੱਪਣੀ ਦੇ ਵਿਰੋਧ 'ਚ ਬੁੱਧਵਾਰ ਨੂੰ ਉਹਨਾਂ ਦੀ ਰਿਹਾਇਸ਼ ਦੀ ਕਥਿਤ ਤੌਰ 'ਤੇ ਭੰਨਤੋੜ ਕੀਤੀ। ਪੁਲਿਸ ਨੇ ਬੁੱਧਵਾਰ ਨੂੰ ਇਸ ਸਬੰਧ 'ਚ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਸੀ।

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਕਿਹਾ, “ਭਾਰਤੀ ਦੰਡਾਵਲੀ ਦੀ ਆਈਪੀਸੀ ਧਾਰਾ 186 (ਸਰਕਾਰੀ ਕਰਮਚਾਰੀ ਨੂੰ ਕੰਮ ਤੋਂ ਰੋਕਣਾ), 188 (ਲੋਕ ਸੇਵਕ ਦੁਆਰਾ ਜਾਰੀ ਹੁਕਮਾਂ ਦੀ ਉਲੰਘਣਾ), 353 (ਲੋਕ ਸੇਵਕ ਉੱਤੇ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ) 'ਪ੍ਰੀਵੈਨਸ਼ਨ ਆਫ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ' ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ "ਭਾਰਤੀ ਜਨਤਾ ਯੁਵਾ ਮੋਰਚਾ" ਦੇ ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਦੀ ਰਿਹਾਇਸ਼ 'ਤੇ ਲੱਗੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਕੇਡਾਂ ਨੂੰ ਨੁਕਸਾਨ ਪਹੁੰਚਾਇਆ।

ਇਸ ਦੇ ਨਾਲ ਹੀ ਦੱਸ ਦਈਏ ਕਿ 'ਆਪ' ਵਿਧਾਇਕ ਸੌਰਭ ਭਾਰਦਵਾਜ ਨੇ ਦਿੱਲੀ ਪੁਲਿਸ ਦੇ ਖਿਲਾਫ਼ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਉਨ੍ਹਾਂ ਨੇ ਦਿੱਲੀ ਪੁਲਿਸ 'ਤੇ ਦੋਸ਼ ਲਗਾਇਆ ਹੈ ਕਿ ਕੱਲ੍ਹ ਦਿੱਲੀ ਪੁਲਿਸ ਨੇ 'ਭਾਜਪਾ ਦੇ ਗੁੰਡਿਆਂ' ਨੂੰ ਰੋਕਣ ਲਈ ਪ੍ਰਬੰਧ ਨਹੀਂ ਕੀਤੇ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਆਸਾਨੀ ਨਾਲ ਜਾਣ ਦਿੱਤਾ।

ਪਟੀਸ਼ਨ 'ਚ ਸੌਰਭ ਭਾਰਦਵਾਜ ਨੇ ਕੱਲ੍ਹ ਦੇ ਪ੍ਰਦਰਸ਼ਨ ਨੂੰ ਅਰਵਿੰਦ ਕੇਜਰੀਵਾਲ 'ਤੇ ਹਮਲਾ ਦੱਸਿਆ ਹੈ ਅਤੇ ਲਿਖਿਆ ਹੈ ਕਿ ਕੱਲ੍ਹ ਕੇਜਰੀਵਾਲ ਦੇ ਘਰ ਦੇ ਬਾਹਰ ਹਮਲਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਧਾਰਾ 226 ਤਹਿਤ ਦਿੱਲੀ ਪੁਲਿਸ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪਟੀਸ਼ਨ 'ਚ ਉਨ੍ਹਾਂ ਨੇ ਇਕ ਸੁਤੰਤਰ ਐਸਆਈਟੀ ਦੇ ਗਠਨ ਦੀ ਮੰਗ ਕੀਤੀ ਹੈ ਜੋ ਬੀਤੇ ਦਿਨ ਹੋਏ ਪੂਰੇ ਮਾਮਲੇ ਦੀ ਜਾਂਚ ਕਰੇਗੀ।