Kerala Landslide: ਕੇਰਲ ਦੇ ਵਾਇਨਾਡ ’ਚ ਮੀਂਹ ਦਾ ਕਹਿਰ, ਹੁਣ ਤੱਕ 151 ਲੋਕਾਂ ਦੀ ਮੌਤ, 128 ਜ਼ਖ਼ਮੀ, ਬਚਾਅ ਕਾਰਜ ਜਾਰੀ
Kerala Landslide: ਕੇਰਲ ਸਰਕਾਰ ਨੇ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਕੀਤਾ ਐਲਾਨ
Kerala Landslide News in punjabi : ਕੇਰਲ ਦੇ ਪਹਾੜੀ ਵਾਇਨਾਡ ਜ਼ਿਲ੍ਹੇ ’ਚ ਮੰਗਲਵਾਰ ਤੜਕੇ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 151 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਵਾਇਨਾਡ ’ਚ ਜ਼ਮੀਨ ਖਿਸਕਣ ਤੋਂ ਬਾਅਦ ਹੁਣ ਤਕ 93 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 128 ਲੋਕ ਜ਼ਖਮੀ ਹੋਏ ਹਨ।
ਉਨ੍ਹਾਂ ਕਿਹਾ ਕਿ ਜ਼ਮੀਨ ਖਿਸਕਣ ’ਚ ਮਾਰੇ ਗਏ 34 ਵਿਅਕਤੀਆਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ’ਚੋਂ 18 ਲਾਸ਼ਾਂ ਮ੍ਰਿਤਕਾਂ ਦੇ ਪਰਵਾਰਾਂ ਨੂੰ ਸੌਂਪ ਦਿਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪੋਥੁਕਲ ’ਚ ਚਲਿਆਰ ਨਦੀ ਤੋਂ 16 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਲਾਸ਼ਾਂ ਦੇ ਟੁਕੜੇ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ, ‘‘ਕਈ ਲੋਕਾਂ ਦੇ ਫਸੇ ਹੋਣ ਜਾਂ ਵਹਿ ਜਾਣ ਦਾ ਖਦਸ਼ਾ ਹੈ ਅਤੇ ਅਸੀਂ ਬਚਾਅ ਕਾਰਜ ਜਾਰੀ ਰੱਖਾਂਗੇ।’’ ਇਹ ਜ਼ਮੀਨ ਖਿਸਕਣ ਦੀ ਘਟਨਾ ਮੰਗਲਵਾਰ ਤੜਕੇ ਵਾਪਰੀ, ਜਦੋਂ ਲੋਕ ਅਪਣੇ ਘਰਾਂ ਵਿਚ ਸੌਂ ਰਹੇ ਸਨ। ਉਨ੍ਹਾਂ ਨੂੰ ਬਚਣ ਦਾ ਕੋਈ ਮੌਕਾ ਨਹੀਂ ਮਿਲਿਆ। ਜ਼ਮੀਨ ਖਿਸਕਣ ਦੀ ਘਟਨਾ ਤਬਾਹੀ ਦੇ ਨਿਸ਼ਾਨ ਛੱਡ ਗਈ ਹੈ। ਕਈ ਘਰ ਤਬਾਹ ਹੋ ਗਏ ਹਨ, ਨਦੀਆਂ ਉਫਾਨ ’ਤੇ ਹਨ ਅਤੇ ਕਈ ਦਰੱਖਤ ਉਖੜ ਗਏ ਹਨ।
ਫੌਜ, ਸਮੁੰਦਰੀ ਫ਼ੌਜ ਅਤੇ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੀਆਂ ਬਚਾਅ ਟੀਮਾਂ ਖਰਾਬ ਮੌਸਮ ਦੇ ਵਿਚਕਾਰ ਪੀੜਤਾਂ ਦੀ ਭਾਲ ਕਰ ਰਹੀਆਂ ਹਨ ਅਤੇ ਕਈ ਏਜੰਸੀਆਂ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਕੇਰਲ ਸਰਕਾਰ ਨੇ ਜ਼ਮੀਨ ਖਿਸਕਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਿਜਯਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਘਟਨਾ ਤੋਂ ਬਹੁਤ ਦੁਖੀ ਹੈ, ਜਿਸ ਵਿਚ ਕਈ ਲੋਕਾਂ ਦੀ ਜਾਨ ਗਈ ਹੈ ਅਤੇ ਜਾਇਦਾਦ ਨੂੰ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਿਆ ਹੈ। ਮੁੱਖ ਸਕੱਤਰ ਵੀ. ਵੇਣੂ ਵਲੋਂ ਜਾਰੀ ਇਕ ਅਧਿਕਾਰਤ ਨੋਟੀਫਿਕੇਸ਼ਨ ’ਚ 30 ਅਤੇ 31 ਜੁਲਾਈ ਨੂੰ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਪ੍ਰੋਟੋਕੋਲ ਦੇ ਅਨੁਸਾਰ, ਇਨ੍ਹਾਂ ਦੋ ਦਿਨਾਂ ’ਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਸਾਰੇ ਸਰਕਾਰੀ ਸਮਾਗਮ ਰੱਦ ਕਰ ਦਿਤੇ ਜਾਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁੱਖ ਜ਼ਾਹਰ ਕੀਤਾ ਅਤੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਸੰਕਟ ਨਾਲ ਨਜਿੱਠਣ ਲਈ ਕੇਂਦਰ ਵਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਤਾ। ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਵਾਇਨਾਡ ’ਚ ਕੁੱਝ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਖਬਰਾਂ ਤੋਂ ਦੁਖੀ ਹਾਂ। ਮੇਰੇ ਵਿਚਾਰ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਅਪਣੇ ਪਿਆਰਿਆਂ ਅਤੇ ਜ਼ਖਮੀਆਂ ਨੂੰ ਗੁਆ ਦਿਤਾ ਹੈ, ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਭਾਵਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹਨ।’’ ਮੋਦੀ ਨੇ ਟਵੀਟ ਕੀਤਾ, ‘‘ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਉੱਥੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕੇਂਦਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਤਾ।’’
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮੁੱਖ ਮੰਤਰੀ ਵਿਜਯਨ ਨਾਲ ਗੱਲ ਕੀਤੀ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਤ ਵਾਇਨਾਡ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਿਜਯਨ ਨੂੰ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਵਲੋਂ ਕੇਰਲ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ।