ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ, ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼
3 ਕੁਇੰਟਲ ਪੋਸਤ ਸਮੇਤ ਦੋ ਭਰਾ ਕੀਤੇ ਕਾਬੂ
ਪਠਾਨਕੋਟ: ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪਠਾਨਕੋਟ ਪੁਲਿਸ ਨੇ ਬੁੱਧਵਾਰ ਨੂੰ ਇੱਕ ਅੰਤਰਰਾਜੀ ਭੁੱਕੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਪੁਲਿਸ ਨੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕਰਕੇ ਟਰੱਕ ਦੇ ਵਿਸ਼ੇਸ਼ ਡੱਬੇ ਵਿੱਚ ਛੁਪਾ ਕੇ ਰੱਖੀ ਤਿੰਨ ਕੁਇੰਟਲ ਭੁੱਕੀ ਵੀ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਮੋਹਨ ਸਿੰਘ ਅਤੇ ਸੇਵਾ ਸਿੰਘ ਵਾਸੀ ਪਿੰਡ ਕਾਕਸਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਅਧਿਕਾਰੀ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਠਾਨਕੋਟ ਵਿੱਚ ਚੱਲ ਰਹੀਆਂ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸਪੀ ਮਨੋਜ ਕੁਮਾਰ ਅਤੇ ਡੀਐਸਪੀ ਰਜਿੰਦਰ ਮਿਨਹਾਸ ਦੀ ਅਗਵਾਈ ਵਿੱਚ ਹੋਰ ਪੁਲਿਸ ਅਧਿਕਾਰੀਆਂ ਸਮੇਤ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਖੱਖ ਨੇ ਅੱਗੇ ਦੱਸਿਆ ਕਿ ਪੁਲਿਸ ਟੀਮ ਨੇ ਇਲਾਕੇ 'ਚ ਗਸ਼ਤ ਕਰਦੇ ਹੋਏ ਸ਼ੱਕ ਦੇ ਆਧਾਰ 'ਤੇ ਇਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਟਰੱਕ 'ਚ ਲੁਕੋ ਕੇ ਰੱਖੀ 3 ਕੁਇੰਟਲ ਭੁੱਕੀ ਬਰਾਮਦ ਕੀਤੀ ਅਤੇ ਦੋਵਾਂ ਦੋਸ਼ੀਆਂ ਨੂੰ ਮੌਕੇ 'ਤੇ ਹੀ ਹਿਰਾਸਤ 'ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।