Russia-Ukraine ਜੰਗ ਲਈ ਭਾਰਤ ਨੂੰ ਨਿਸ਼ਾਨਾ ਬਣਾਉਣਾ ਗਲਤ : ਐਸ. ਜੈਸ਼ੰਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ : ਭਾਰਤ ਹਮੇਸ਼ਾ ਸ਼ਾਂਤੀ ਅਤੇ ਗੱਲਬਾਤ ਦੀ ਕਰਦਾ ਹੈ ਵਕਾਲਤ

It is wrong to target India for the Russia-Ukraine war: S. Jaishankar

ਨਵੀਂ ਦਿੱਲੀ : ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਫਿਨਲੈਂਡ ਦੇ ਵਿਦੇਸ਼ ਮੰਤਰੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਯੁੱਧ ਲਈ ਭਾਰਤ ਨੂੰ ਗਲਤ ਢੰਗ ਨਾਲ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਭਾਰਤ ਹਮੇਸ਼ਾ ਸ਼ਾਂਤੀ ਅਤੇ ਗੱਲਬਾਤ ਦੀ ਵਕਾਲਤ ਕਰਦਾ ਰਿਹਾ ਹੈ।
ਉਨ੍ਹਾਂ ਨੇ ਸ਼ੋਸਲ ਮੀਡੀਆ ਅਕਾਊਂਟ ਐਕਸ ’ਤੇ ਲਿਖਿਆ  ਕਿ ਅੱਜ ਮੈਂ ਫਿਨਲੈਂਡ ਦੇ ਵਿਦੇਸ਼ ਮੰਤਰੀ ਨਾਲ ਫ਼ੋਨ ’ਤੇ ਗੱਲ ਕੀਤੀ। ਅਸੀਂ ਰੂਸ-ਯੂਕਰੇਨ ਯੁੱਧ ਅਤੇ ਇਸਦੇ ਪ੍ਰਭਾਵ ਬਾਰੇ ਗੱਲ ਕੀਤੀ। ਇਸ ਮਾਮਲੇ ਵਿੱਚ ਭਾਰਤ ਨੂੰ ਗਲਤ ਢੰਗ ਨਾਲ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਅਸੀਂ ਗੱਲਬਾਤ ਅਤੇ ਕੂਟਨੀਤੀ ਦੇ ਹੱਕ ਵਿੱਚ ਹਾਂ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਤੇਲ ਖਰੀਦਣ ਲਈ ਭਾਰਤ ’ਤੇ 25% ਵਾਧੂ ਟੈਰਿਫ ਲਗਾਇਆ ਹੈ। ਟਰੰਪ ਦਾ ਕਹਿਣਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦ ਰਿਹਾ ਹੈ, ਜੋ ਪੁਤਿਨ ਨੂੰ ਯੂਕਰੇਨ ਯੁੱਧ ਜਾਰੀ ਰੱਖਣ ਵਿੱਚ ਮਦਦ ਕਰ ਰਿਹਾ ਹੈ।

ਭਾਰਤੀ ਵਿਦੇਸ਼ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਮੋਦੀ ਐਸਸੀਓ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਪਹੁੰਚੇ ਹਨ। ਇੱਥੇ ਚੀਨੀ ਐਸਸੀਓ ਸੰਮੇਲਨ ਤੋਂ ਇਲਾਵਾ ਪੀਐਮ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਵੀ ਦੁਵੱਲੀ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਦਸੰਬਰ ਵਿੱਚ ਭਾਰਤ ਦੌਰੇ ਦੇ ਪ੍ਰੋਗਰਾਮ ’ਤੇ ਵੀ ਚਰਚਾ ਕੀਤੀ ਜਾਵੇਗੀ। ਐਸਸੀਓ ਸੰਮੇਲਨ 31 ਅਗਸਤ ਤੋਂ 1 ਸਤੰਬਰ ਤੱਕ ਚੀਨ ਵਿੱਚ ਹੋਣ ਵਾਲਾ ਹੈ। ਇਸ ਵਿੱਚ 20 ਤੋਂ ਵੱਧ ਦੇਸ਼ਾਂ ਦੇ ਨੇਤਾ ਹਿੱਸਾ ਲੈਣਗੇ।