ਦੇਸ਼ਧ੍ਰੋਹ ਕਾਨੂੰਨ 'ਤੇ ਫਿਲਹਾਲ ਜਾਰੀ ਰਹੇਗੀ ਰੋਕ, ਅਗਲੇ ਸਾਲ ਜਨਵਰੀ 'ਚ ਹੋਵੇਗੀ ਮਾਮਲੇ ਦੀ ਸੁਣਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਇਸ ਮਾਮਲੇ 'ਤੇ ਕੁਝ ਫੈਸਲਾ ਲਿਆ ਜਾ ਸਕਦਾ ਹੈ।

Order putting sedition law on hold to continue, Supreme Court grants time to centre

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ 'ਤੇ ਫਿਲਹਾਲ ਰੋਕ ਜਾਰੀ ਰੱਖੀ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸੁਣਵਾਈ ਟਾਲਣ ਦੀ ਕੇਂਦਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ। ਕੇਂਦਰ ਨੇ ਅਦਾਲਤ 'ਚ ਦਲੀਲ ਦਿੱਤੀ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਇਸ ਮਾਮਲੇ 'ਤੇ ਕੁਝ ਫੈਸਲਾ ਲਿਆ ਜਾ ਸਕਦਾ ਹੈ। ਅਜਿਹੇ 'ਚ ਉਦੋਂ ਤੱਕ ਕੇਂਦਰ ਨੂੰ ਦੇਸ਼ਧ੍ਰੋਹ ਕਾਨੂੰਨ 'ਤੇ ਰੋਕ ਲਗਾਉਣ ਦੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ।

ਇਸ ਦੇ ਨਾਲ ਹੀ ਉਹਨਾਂ ਪਟੀਸ਼ਨਾਂ ਵਿਚ ਨੋਟਿਸ ਵੀ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪਹਿਲਾਂ ਨੋਟਿਸ ਜਾਰੀ ਨਹੀਂ ਕੀਤਾ ਗਿਆ ਸੀ। ਕੇਂਦਰ 6 ਹਫ਼ਤਿਆਂ ਵਿਚ ਉਹਨਾਂ ਦਾ ਜਵਾਬ ਦੇਵੇਗਾ। ਸੁਪਰੀਮ ਕੋਰਟ ਅਗਲੇ ਸਾਲ ਜਨਵਰੀ ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗਾ।

ਸੀਜੇਆਈ ਯੂਯੂ ਲਲਿਤ, ਜਸਟਿਸ ਐਸ ਰਵਿੰਦਰ ਭੱਟ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 124ਏ ਦੇ ਖਿਲਾਫ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਮਈ 'ਚ ਦੇਸ਼ਧ੍ਰੋਹ ਕਾਨੂੰਨ 'ਤੇ ਰੋਕ ਲਗਾ ਦਿੱਤੀ ਸੀ।

ਅਦਾਲਤ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਦੇਸ਼ਧ੍ਰੋਹ ਐਕਟ ਦੀ ਆਈਪੀਸੀ ਦੀ ਧਾਰਾ 124ਏ ਤਹਿਤ ਕੋਈ ਕੇਸ ਦਰਜ ਨਾ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਰਕਾਰ ਨੂੰ ਆਈਪੀਸੀ ਦੀ ਧਾਰਾ 124ਏ ਦੇ ਉਪਬੰਧਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਵੀ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਜਦੋਂ ਤੱਕ ਦੇਸ਼ਧ੍ਰੋਹ ਕਾਨੂੰਨ ਦੀ ਸਮੀਖਿਆ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸਰਕਾਰਾਂ ਨੂੰ ਧਾਰਾ 124ਏ ਤਹਿਤ ਕੋਈ ਕੇਸ ਦਰਜ ਨਹੀਂ ਕਰਨਾ ਚਾਹੀਦਾ ਜਾਂ ਇਸ ਵਿਚ ਕੋਈ ਜਾਂਚ ਨਹੀਂ ਕਰਨੀ ਚਾਹੀਦੀ।