ਮਨਜਿੰਦਰ ਸਿਰਸਾ ਨੇ DSGMC ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਲਿਆ ਵਾਪਸ
ਹਾਲ ਹੀ ਵਿਚ ਭਾਜਪਾ ’ਚ ਸ਼ਾਮਲ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਨਵੀਂ ਦਿੱਲੀ: ਹਾਲ ਹੀ ਵਿਚ ਭਾਜਪਾ ’ਚ ਸ਼ਾਮਲ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਠੀਕ ਪਹਿਲਾਂ ਉਹਨਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਹੁਣ ਉਹਨਾਂ ਨੇ ਤਕਨੀਕੀ ਅਤੇ ਕਾਨੂੰਨੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਵਾਪਸ ਲਿਆ ਹੈ।
ਸਿਰਸਾ ਨੇ ਅਸਤੀਫਾ ਵਾਪਸ ਲੈਂਦਿਆਂ ਪੱਤਰ ਵਿਚ ਲਿਖਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਦੀ ਦੋ ਮਹੀਨਿਆਂ ਤੋਂ ਤਨਖਾਹ ਰੋਕੀ ਗਈ ਹੈ। ਇਸ ਤੋਂ ਇਲਾਵਾ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ਼ ਦੀ ਤਨਖਾਹ ਵੀ ਰੁਕੀ ਹੋਈ ਹੈ। ਇੰਨਾ ਹੀ ਨਹੀਂ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦਾ ਖ਼ਤਰਾ ਹੈ। ਅਜਿਹੇ 'ਚ ਕੰਮ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ ਅਤੇ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ।
ਇਸ ਤੋਂ ਇਲਾਵਾ ਉਹਨਾਂ ਲਿਖਿਆ ਹੈ ਕਿ ਅਸਤੀਫੇ ਤੋਂ ਬਾਅਦ ਪੈਦਾ ਹੋਏ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦੇ ਹੱਲ ਲਈ ਅਜਿਹਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਆਪਣਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਰਿਹਾ ਹਾਂ। ਭਾਜਪਾ ਆਗੂ ਨੇ ਲਿਖਿਆ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਟੀਮ ਦੇ ਗਠਨ ਤੱਕ ਜ਼ਿੰਮੇਵਾਰੀ ਸੰਭਾਲਦੇ ਰਹਿਣਗੇ।