HSGMC Elections: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 19 ਜਨਵਰੀ ਨੂੰ ਵੋਟਾਂ ਪੈਣਗੀਆਂ
ਨਾਮਜ਼ਦਗੀਆਂ ਦੀ ਪੜਤਾਲ ਦੌਰਾਨ 2 ਕਵਰਿੰਗ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ
HSGMC Elections: ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (ਐਚ.ਐਸ.ਜੀ.ਐਮ.ਸੀ.) ਦੀਆਂ ਚੋਣਾਂ ਦੇ ਮੱਦੇਨਜ਼ਰ ਸੋਮਵਾਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਕਰਨਾਲ ਜ਼ਿਲ੍ਹੇ ਦੇ ਵਾਰਡ ਨੰਬਰ 16, 17, 18 ਅਤੇ 19 ਵਿਚ ਕੁਲ 29 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਅੱਜ ਸੋਮਵਾਰ ਨੂੰ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਦੌਰਾਨ 2 ਕਵਰਿੰਗ ਉਮੀਦਵਾਰਾਂ ਦੇ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ।
ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਵਾਰਡ ਨੰ: 16 ਨੀਲੋਖੇੜੀ ਵਿਚ ਕੁਲ 5 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ, ਜਿਨ੍ਹਾਂ ਵਿਚੋਂ ਇਕ ਕਵਰਿੰਗ ਉਮੀਦਵਾਰ ਦੀ ਨਾਮਜ਼ਦਗੀ ਪੜਤਾਲ ਦੌਰਾਨ ਰੱਦ ਕਰ ਦਿਤੀ ਗਈ ਹੈ। ਇਸੇ ਤਰ੍ਹਾਂ ਵਾਰਡ ਨੰ: 17 ਨਿਸ਼ਿੰਗ ਵਿਚ ਕੁਲ 8 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਜੋ ਸਹੀ ਪਾਈਆਂ ਗਈਆਂ।
ਉਨ੍ਹਾਂ ਦਸਿਆ ਕਿ ਵਾਰਡ ਨੰ: 18 ਅਸੰਧ ਵਿਚ ਕੁਲ 8 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ, ਜਿਨ੍ਹਾਂ ਵਿਚੋਂ ਇਕ ਕਵਰਿੰਗ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰ ਦਿਤੀ ਗਈ ਹੈ। ਇਸੇ ਤਰ੍ਹਾਂ ਵਾਰਡ ਨੰਬਰ 19 ਕਰਨਾਲ ਵਿਚ ਕੁਲ 8 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਜੋ ਸਹੀ ਪਾਈਆਂ ਗਈਆਂ।
ਬੁਲਾਰੇ ਨੇ ਦਸਿਆ ਕਿ ਨੋਟੀਫ਼ੀਕੇਸ਼ਨ ਅਨੁਸਾਰ 30 ਦਸੰਬਰ ਨੂੰ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਲਈ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾ ਚੁੱਕੀ ਹੈ ਅਤੇ 2 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਚੋਣ ਨਿਸ਼ਾਨ ਉਸੇ ਦਿਨ ਸ਼ਾਮ 3 ਵਜੇ ਤੋਂ ਬਾਅਦ ਅਲਾਟ ਕੀਤੇ ਜਾਣਗੇ।
ਉਨ੍ਹਾਂ ਦਸਿਆ ਕਿ 19 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ ਅਤੇ ਵੋਟਾਂ ਪੈਣ ਤੋਂ ਤੁਰਤ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ ਜਿਸ ਤੋਂ ਬਾਅਦ ਉਸੇ ਦਿਨ ਨਤੀਜਾ ਵੀ ਜਾਰੀ ਕਰ ਦਿਤਾ ਜਾਵੇਗਾ।