ਨਵੀਂ ਦਿੱਲੀ, 21 ਨਵੰਬਰ : ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਸਰਕਾਰ ਗੁਜਰਾਤ ਵਿਧਾਨ ਸਭਾ ਚੋਣਾਂ ਕਾਰਨ ਸੰਸਦ ਦੇ ਸਰਦ ਰੁੱਤ ਇਜਲਾਸ ਨੂੰ ਟਾਲ ਰਹੀ ਹੈ ਕਿਉਂਕਿ ਸਰਕਾਰ ਵੱਖ ਵੱਖ ਮੁੱਦਿਆਂ ਸਬੰਧੀ ਸਦਨ ਵਿਚ ਵਿਰੋਧ ਦਾ ਸਾਹਮਣਾ ਕਰਨ ਤੋਂ ਬਚਣਾ ਚਾਹੁੰਦੀ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਟਕਰਾਅ, ਝੂਠ ਅਤੇ ਛਲ ਦੇ ਮਾਡਲ 'ਤੇ ਕੰਮ ਕਰ ਰਹੀ ਹੈ ਜੋ ਜਮਹੂਰੀਅਤ 'ਤੇ ਹਮਲਾ ਹੈ। ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਮਲਿਕਾਰੁਜਨ ਖੜਗੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਅੰਗਮਈ ਲਹਿਜੇ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬ੍ਰਹਮਾ ਹਨ, ਉਹ ਜਾਣੀ-ਜਾਣ ਹਨ ਕਿਉਂਕਿ ਉਹ ਹੀ ਜਾਣਦੇ ਹਨ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਕਦੋਂ
ਬੁਲਾਇਆ ਜਾਵੇਗਾ? ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਅਗਲੇ ਮਹੀਨੇ ਹੋਣ ਵਾਲੀਆਂ ਗੁਜਰਾਤ ਚੋਣਾਂ ਕਾਰਨ ਜਮਹੂਰੀਅਤ ਦੇ ਮੰਦਰ ਨੂੰ ਢਾਹੁਣ ਵਿਚ ਲੱਗੇ ਹੋਏ ਹਨ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਸੰਸਦ ਦਾ ਸਾਹਮਣਾ ਕਰਨ ਤੋਂ ਬਚ ਰਹੀ ਹੈ ਤਾਕਿ ਉਹ ਭ੍ਰਿਸ਼ਟਾਚਾਰ ਅਤੇ ਅਪਣੀਆਂ ਨਾਕਾਮੀਆਂ ਨੂੰ ਲੁਕਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਪ੍ਰਚਾਰ ਮਸ਼ੀਨ ਬਣ ਗਿਆ ਹੈ ਅਤੇ ਗੁਜਰਾਤ ਅਤੇ ਹੋਰ ਥਾਵਾਂ 'ਤੇ ਹਮਲਾਵਰ ਪ੍ਰਚਾਰ ਕਰਨ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਸਰਕਾਰ ਦੇਸ਼ ਚਲਾਏ ਪਰ ਅਜਿਹਾ ਨਹੀਂ ਹੋ ਰਿਹਾ। (ਏਜੰਸੀ)