ਨਵੇਂ ਖਪਤਕਾਰ ਸੁਰੱਖਿਆ ਕਾਨੂੰਨ ਉਤੇ ਕੰਮ ਕਰ ਰਹੀ ਹੈ ਸਰਕਾਰ : ਮੋਦੀ

ਖ਼ਬਰਾਂ, ਰਾਸ਼ਟਰੀ

ਨਵੀਂ ਦਿੱਲੀ, 26 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਉਪਭੋਗਤਾਵਾਂ ਦੀ ਸੁਰੱਖਿਆ ਸਬੰਧੀ ਜਲਦੀ ਹੀ ਇਕ ਨਵਾਂ ਕਾਨੂੰਨ ਲਿਆਂਦਾ ਜਾ ਰਿਹਾ ਹੈ। ਇਹ ਕਾਨੂੰਨ ਵਿਚ ਉਨ੍ਹਾਂ ਇਸ਼ਤਿਹਾਰਾਂ ਵਿਰੁਧ ਸਖ਼ਤ ਕਾਰਵਾਈ ਦਾ ਪ੍ਰਵਧਾਨ ਹੋਵੇਗਾ ਜੋ ਗਾਹਕਾਂ ਨੂੰ ਗ਼ਲਤ ਢੰਗ ਨਾਲ ਭਰਮਾਉਂਦੇ ਹਨ ਅਤੇ ਗ਼ਲਤ ਜਾਣਕਾਰੀ ਦੇ ਕੇ ਚੀਜ਼ਾਂ ਵੇਚਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਪਭੋਗਾਤਾਵਾਂ ਦੇ ਹੱਕਾਂ ਦੀ ਰਾਖੀ ਕਰਨ ਨੂੰ ਸੱਭ ਤੋਂ ਉਪਰ ਰਖਦੇ ਹਨ। ਪ੍ਰਧਾਨ ਮੰਤਰੀ ਅੱਜ ਪੂਰਬੀ, ਦਖਣੀ ਅਤੇ ਦਖਣੀ-ਪੂਰਬੀ ਦੇਸ਼ਾਂ ਦੇ ਇਕ ਉਪਭੋਗਤਾ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲਾਂ ਆਖੀਆਂ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਜੇਐਸਟੀ ਕਾਨੂੰਨ ਲਾਗੂ ਕੀਤਾ ਗਿਆ ਹੈ ਇਸ ਦਾ ਆਉਣ ਵਾਲੇ ਦਿਨਾਂ ਵਿਚ ਉਪਭੋਗਤਾਵਾਂ ਨੂੰ ਲਾਭ ਹੋਵੇਗਾ ਅਤੇ ਚੀਜ਼ਾਂ ਸਸਤੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਉਪਭੋਗਤਾ ਪ੍ਰਸਤਾਵਿਤ ਕਾਨੂੰਨ ਵਿਚ ਗਾਹਕਾਂ ਨੂੰ ਜ਼ਿਆਦਾ ਅਧਿਕਾਰ ਦਿਤੇ ਜਾਣਗੇ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਗਾਹਕਾਂ ਨੂੰ ਭਰਮਾਉਣ ਵਾਲੇ ਵਿਗਿਆਪਨ ਦੇਣ ਵਾਲਿਆਂ ਵਿਰੁਧ ਸਖ਼ਤ ਸਜ਼ਾ ਰੱਖੀ ਜਾਵੇਗੀ ਅਤੇ ਇਸ ਸਬੰਧੀ ਕੇਂਦਰ ਪੱਧਰ 'ਤੇ ਉਪਭੋਗਤਾਵਾਂ ਦੇ ਹੱਕਾਂ ਦੀ ਰਾਖੀ ਲਈ ਇਕ ਅਦਾਰਾ ਵੀ ਬਣਾਇਆ ਜਾਵੇਗਾ। ਨਵਾਂ ਕਾਨੂੰਨ ਪਹਿਲੇ ਬਣੇ 1986 ਦੇ ਕਾਨੂੰਨ ਨੂੰ ਬਦਲਣ ਲਈ ਲਿਆਂਦਾ ਜਾ ਰਿਹਾ ਹੈ। ਮੋਦੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਉਨ੍ਹਾਂ ਦੀ ਸਰਕਾਰ ਨੇ ਨਵਾਂ ਬਿਊਰੋ ਆਫ਼ ਇੰਡੀਅਨ ਸਟੈਂਡਰਡ ਕਾਨੂੰਨ, ਉਜਾਲਾ ਯੋਜਨਾ ਵਰਗੇ ਕਈ ਹੋਰ ਨਵੇਂ ਕੰਮਾਂ ਦੀ ਸ਼ੁਰੂਆਤ ਕੀਤੀ ਹੈ, ਇਨ੍ਹਾਂ ਨਾਲ ਉਪਭੋਗਤਾਵਾਂ ਨੂੰ ਫ਼ਾਇਦਾ ਹੋਇਆ ਹੈ ਅਤੇ ਉਨ੍ਹਾਂ ਦੀ ਸ਼ਕਤੀ ਵਿਚ ਵਾਧਾ ਹੋਇਆ ਹੈ। ਜੀ.ਐਸ.ਟੀ. ਬਾਰੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਉਪਭੋਗਤਾਵਾਂ ਨੂੰ ਧੋਖਾ ਨਹੀਂ ਦਿਤਾ ਜਾ ਸਕਦਾ ਕਿਉਂਕਿ ਇਸ ਕਾਨੂੰਨ ਬਾਰੇ ਲੋਕ ਪੂਰੀ ਤਰ੍ਹਾਂ ਜਾਗਰੂਕ ਹੋ ਚੁਕੇ ਹਨ। ਉਨ੍ਹਾਂ ਕਿਹਾ ਕਿ ਉਪਭੋਗਤਾ ਜੋ ਵੀ ਚੀਜ਼ਾਂ ਵਸਤਾਂ ਖ਼ਰੀਦਦੇ ਹਨ ਉਹ ਹੁਣ ਉਨ੍ਹਾਂ ਦਾ ਬਿੱਲ ਵੇਖ ਸਕਦੇ ਹਨ।