ਨਵੀਂ ਦਿੱਲੀ, 2 ਨਵੰਬਰ : ਸਰਕਾਰ ਸਾਲ 2020 ਤਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਇਹ ਦਾਅਵਾ ਖੇਤੀ ਮੰਤਰੀ ਰਾਧਾ ਮੋਹਨ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਸਾਲ 2020 ਤਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਟੀਚਾ ਪ੍ਰਾਪਤ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ ਅਤੇ ਇਸ ਸੰਦਰਭ ਵਿਚ ਕਈ ਯੋਜਨਾਵਾਂ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਸੰਸਦੀ ਸਲਾਹਕਾਰ ਕਮੇਟੀ ਦੀ ਬੈਠਕ ਵਿਚ ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਹਾਸਲ ਕਰਨ ਲਈ 'ਪ੍ਰਤੀ ਬੂੰਦ ਜ਼ਿਆਦਾ ਫ਼ਸਲ' ਰੁਖ਼ ਤਹਿਤ ਸੱਤ ਸੂਤਰੀ ਰਣਨੀਤੀ
'ਤੇ ਕੰਮ ਹੋ ਰਿਹਾ ਹੈ। ਰਾਧਾ ਮੋਹਨ ਸਿੰਘ ਨੇ ਕਿਹਾ, 'ਸਰਕਾਰ ਨੇ ਕਈ ਪ੍ਰੋਗਰਾਮ ਅਤੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ।' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਖੇਤੀ ਸਿੰਜਾਈ ਯੋਜਨਾ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਪ੍ਰਧਾਨ ਮੰਤਰੀ ਖੇਤੀ ਵਿਕਾਸ ਯੋਜਨਾ, ਸਿਹਤ ਕਾਰਡ ਆਦਿ ਯੋਜਨਾਵਾਂ ਦਾ ਮਕਸਦ ਕਿਸਾਨਾਂ ਦੀ ਆਮਦਨ ਵਧਾਉਣ ਵਲ ਪ੍ਰੇਰਿਤ ਹੈ।' ਉਨ੍ਹਾਂ ਕਿਹਾ ਕਿ ਇਕ ਵਖਰੀ ਕਮੇਟੀ ਵੀ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਸਬੰਧ ਵਿਚ ਅਧਿਐਨ ਕਰ ਰਹੀ ਹੈ। (ਏਜੰਸੀ)