ਕਾਂਗਰਸੀ ਮੁੱਖ ਮੰਤਰੀਆਂ ਨੇ ਰਾਹੁਲ ਨਾਲ ਕੀਤੀ ਮੁਲਾਕਾਤ
ਕਾਂਗਰਸ ਪ੍ਰਧਾਨ ਦਾ ਅਹੁਦਾ ਨਾ ਛੱਡਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਕਾਂਗਰਸ ਰਾਜ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਅਪਣਾ ਅਹੁਦਾ ਨਾ ਛੱਡਣ ਦੀ ਅਪੀਲ ਕੀਤੀ। ਲੋਕ ਸਭਾ ਚੋਣਾਂ ਵਿਚ ਹੋਈ ਵੱਡੀ ਹਾਰ ਦੇ ਬਾਅਦ ਤੋਂ ਹੀ ਰਾਹੁਲ ਗਾਂਧੀ ਅਪਣਾ ਪ੍ਰਧਾਨਗੀ ਦਾ ਅਹੁਦਾ ਛੱਡਣ 'ਤੇ ਅੜੇ ਹੋਏ ਹਨ। ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਸ਼ਾਮਲ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਗਹਿਲੋਤ ਨੇ ਕਿਹਾ ਕਿ ਸਾਰੇ ਮੁੱਖ ਮੰਤਰੀਆਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਅਹੁਦੇ 'ਤੇ ਬਣੇ ਰਹਿਣ ਅਤੇ ਉਮੀਦ ਹੈ ਕਿ ਰਾਹੁਲ ਗਾਂਧੀ ਇਸ ਅਪੀਲ ਨੂੰ ਸਵੀਕਾਰ ਕਰ ਕੇ ਅਹੁਦੇ 'ਤੇ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਇਹ ਕਹਿ ਚੁੱਕੇ ਹਨ ਕਿ ਉਹ ਰਾਹੁਲ ਗਾਂਧੀ ਦੇ ਨਾਲ ਹਨ ਅਤੇ ਚੋਣਾਂ ਵਿਚ ਹੋਈ ਹਾਰ ਦੀ ਸਾਰੇ ਜ਼ਿੰਮੇਵਾਰੀ ਲੈਂਦੇ ਹਨ।
ਮੌਜੂਦਾ ਸਥਿਤੀ ਵਿਚ ਰਾਹੁਲ ਗਾਂਧੀ ਹੀ ਕਾਂਗਰਸ ਪਾਰਟੀ ਦੀ ਅਗਵਾਈ ਕਰ ਸਕਦੇ ਹਨ। ਦੇਸ਼ ਦੀ ਭਲਾਈ ਲਈ ਉਨ੍ਹਾਂ ਦੀ ਵਚਨਬਧਤਾ ਸਵਾਲਾਂ ਤੋਂ ਪਰੇ ਹੈ। 2019 ਦੀਆਂ ਚੋਣਾਂ ਦਾ ਨਤੀਜਾ ਕਾਂਗਰਸ ਦੀ ਵਿਚਾਰਧਾਰਾ ਦੀ ਹਾਰ ਨਹੀਂ ਸੀ। ਇਹ ਮੰਦਭਾਗਾ ਹੈ ਕਿ ਕਈ ਮੋਰਚਿਆਂ 'ਤੇ ਮੋਦੀ ਸਰਕਾਰ ਦੀ ਅਸਫ਼ਲਤਾ ਨੂੰ ਸਰਕਾਰੀ ਮਸ਼ੀਨਰੀ ਦੀ ਮਦਦ ਨਾਲ ਲੁਕਾ ਲਿਆ ਗਿਆ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ 25 ਮਈ ਨੂੰ ਕਾਂਗਰਸ ਕਾਰਜਕਾਰਨੀ ਦੀ ਹੋਈ ਬੈਠਕ ਵਿਚ ਰਾਹੁਲ ਗਾਂਧੀ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ ਤੋਂ ਬਾਅਦ ਉਹ ਅਪਣਾ ਅਸਤੀਫ਼ਾ ਦੇਣ 'ਤੇ ਅੜੇ ਹੋਏ ਹਨ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣਾ ਅਹੁਦਾ ਨਾ ਛੱਡਣ ਅਤੇ ਕਾਂਗਰਸ ਦੀ ਅਗਵਾਈ ਕਰਦੇ ਰਹਿਣ।